Saturday, May 23Punjabi People

ਐਮਪੀ ਅੰਮ੍ਰਿਤਪਾਲ ਨੂੰ ਪੰਜਾਬ ਲਿਆਂਦੇ ਜਾਣ ਨਾਲ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ: ਮਾਨ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ

 ਚੰਡੀਗੜ੍ਹ, 14 ਅਪ੍ਰੈਲ 2026:  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ, ਰਾਜ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਉਸਦੀ ਨਜ਼ਰਬੰਦੀ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਉਸਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ। ਸਰਕਾਰ ਨੇ ਚਿੰਤਾ ਜਤਾਈ ਹੈ ਕਿ ਉਸਨੂੰ ਪੰਜਾਬ ਵਾਪਸ ਲਿਆਂਦੇ ਜਾਣ ਨਾਲ ਹਾਲਾਤ ਵਿਗੜ ਸਕਦੇ ਹਨ।

ਆਪਣੇ ਪੱਤਰ ਵਿੱਚ ਸਰਕਾਰ ਨੇ ਕਾਨੂੰਨ-ਵਿਵਸਥਾ ਕਾਇਮ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਸੂਤਰਾਂ ਮੁਤਾਬਕ, ਰਾਜ ਸਰਕਾਰ ਨੇ ਕੇਂਦਰੀ ਗ੍ਰਹਿ ਸਕੱਤਰ ਕੋਲ ਬੇਨਤੀ ਕੀਤੀ ਹੈ ਕਿ ਅਸਾਮ ਸਰਕਾਰ ਦੀ ਸਹਿਮਤੀ ਨਾਲ ਕੈਦੀਆਂ ਦੇ ਤਬਾਦਲੇ ਐਕਟ, 1952 ਅਤੇ ਪੰਜਾਬ ਸੋਧ ਐਕਟ, 2025 ਦੇ ਤਹਿਤ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਨਜ਼ਰਬੰਦ ਰੱਖਣ ਦੀ ਮਨਜ਼ੂਰੀ ਦਿੱਤੀ ਜਾਵੇ। ਇਸ ਮਾਮਲੇ ਵਿੱਚ ਤੁਰੰਤ ਫੈਸਲਾ ਲੈਣ ਦੀ ਵੀ ਅਪੀਲ ਕੀਤੀ ਗਈ ਹੈ।

ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਨੇ ਚਿੰਤਾ ਜਤਾਈ ਹੈ ਕਿ ਉਸਦੀ ਰਿਹਾਈ ਨਾਲ ਸੂਬੇ ਵਿੱਚ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ। ਇਹ ਸਿਫ਼ਾਰਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਅੰਮ੍ਰਿਤਸਰ (ਦੇਹਾਤੀ) ਵੱਲੋਂ ਭੇਜੀਆਂ ਗਈਆਂ ਰਿਪੋਰਟਾਂ ਦੇ ਆਧਾਰ ‘ਤੇ ਕੀਤੀ ਗਈ ਹੈ।

ਯਾਦ ਰਹੇ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 24 ਫਰਵਰੀ 2023 ਨੂੰ ਅਜਨਾਲਾ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ, ਜਦੋਂ ਉਹ ਆਪਣੇ ਸਮਰਥਕਾਂ ਸਮੇਤ ਇਕ ਸਾਥੀ ਦੀ ਰਿਹਾਈ ਲਈ ਪੁਲਿਸ ਸਟੇਸ਼ਨ ‘ਤੇ ਚੜ੍ਹਾਈ ਕਰ ਗਏ ਸਨ। ਇਸ ਤੋਂ ਬਾਅਦ ਉਹ ਲਗਭਗ ਇੱਕ ਮਹੀਨੇ ਤੱਕ ਫਰਾਰ ਰਿਹਾ ਅਤੇ 23 ਅਪ੍ਰੈਲ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ, ਜਿਸਦੀ ਮਿਆਦ ਅਪ੍ਰੈਲ 2024 ਅਤੇ ਅਪ੍ਰੈਲ 2025 ਵਿੱਚ ਵਧਾਈ ਗਈ ਸੀ। ਮੌਜੂਦਾ ਨਜ਼ਰਬੰਦੀ ਦੀ ਮਿਆਦ 22 ਅਪ੍ਰੈਲ 2026 ਨੂੰ ਖਤਮ ਹੋਣ ਵਾਲੀ ਹੈ।

Leave a Reply

Your email address will not be published. Required fields are marked *