Wednesday, July 29Punjabi People

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੋਕੋ ਮਾਜਰੀ, ਸੁਨਾਮ ਊਧਮ ਸਿੰਘ ਵਾਲਾ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਕਰਵਾਈ

ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰਬਰ 9 ਅਤੇ ਪੁਰਾਣੇ ਵਾਰਡ ਨੰਬਰ 12, ਮੁਹੱਲਾ ਕੋਕੋ ਮਾਜਰੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਸਿਹਤ ਕਾਰਡ ਬਣਵਾਉਣ ਦੀ ਪ੍ਰਕਿਰਿਆ ਸੌਖੇ ਅਤੇ ਸਰਲ ਸ਼ਬਦਾਂ ਵਿੱਚ ਸਮਝਾਈ।

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਸਿਹਤ ਖੇਤਰ ਵਿੱਚ ਇੱਕ ਨਵੀਂ ਦਿਸ਼ਾ ਦੇਵੇਗਾ ਅਤੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਏਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਲੱਗੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਰਕਮ ਪਹਿਲਾਂ ਹੀ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਕਿਸੇ ਵਿੱਤੀ ਬੋਝ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਡ ਰਾਹੀਂ ਸਰਕਾਰੀ ਅਤੇ ਪੈਨਲ ਵਿੱਚ ਸ਼ਾਮਲ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਕਰਵਾਇਆ ਜਾ ਸਕੇਗਾ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਮਿਲੇਗੀ, ਜਿਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕ ਵੀ ਉੱਚ ਪੱਧਰੀ ਨਿੱਜੀ ਹਸਪਤਾਲਾਂ ਵਿੱਚ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਸ ਗੱਲ ਨੂੰ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਵਿਅਕਤੀ ਪੈਸਿਆਂ ਦੀ ਕਮੀ ਕਾਰਨ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਯੋਜਨਾ ਅਧੀਨ ਦਵਾਈਆਂ ਅਤੇ ਸਾਰੇ ਡਾਇਗਨੌਸਟਿਕ ਟੈਸਟ ਮੁਫ਼ਤ ਹੋਣਗੇ। ਇਸ ਵਿੱਚ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਕਈ ਉੱਨਤ ਮੈਡੀਕਲ ਖੇਤਰਾਂ ਵਿੱਚ ਇਲਾਜ ਦੀ ਸਹੂਲਤ ਸ਼ਾਮਲ ਹੈ। ਹਸਪਤਾਲੀ ਖਰਚ ਤੋਂ ਲੈ ਕੇ ਜਾਂਚਾਂ ਤੱਕ ਦੀ ਪੂਰੀ ਲਾਗਤ ਸਰਕਾਰ ਵੱਲੋਂ ਕਵਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਦੇਣ ਵੱਲ ਮਹੱਤਵਪੂਰਨ ਸਾਬਤ ਹੋਵੇਗਾ।

ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਉਨ੍ਹਾਂ ਦੀ ਮਾਤਾ ਸ਼ਸ਼ੀ ਬਾਲਾ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਭਗੀਰਥ ਘੀਰਾ, ਐਮ.ਸੀ. ਸਨੀ ਕਾਂਸਲ, ਦਿਲਬਹਾਰ ਬਿੱਟਾ, ਅਮਰ ਨਾਗਪਾਲ, ਰੁਲਦੂ ਰਾਮ ਮਿੱਤਲ, ਪਵਨ ਸੈਕਟਰੀ, ਸੋਹਣ ਲਾਲ ਖੀਪਲਾ, ਮਾਲਵਿੰਦਰ ਭਾਰਦਵਾਜ, ਸਤਿੰਦਰ ਪੱਪ, ਸੰਜੀਵ ਪੋਪਲੀ, ਰੰਮੀ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *