
ਚੰਡੀਗੜ੍ਹ, 14 ਮਾਰਚ 2026: ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 53ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ ਗਏ 581 ਥਾਵਾਂ ‘ਤੇ ਛਾਪੇਮਾਰੀ ਕੀਤੀ।
ਉਲੇਖਣਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਆਪਕ ਕਾਰਵਾਈ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ Gaurav Yadav ਵੱਲੋਂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਮੁਹਿੰਮ ਦੇ 53ਵੇਂ ਦਿਨ ਪੁਲਿਸ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਹਥਿਆਰ ਵੀ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ 14,526 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 82 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 73 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਦੋ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ ਜਾਂ ਗੈਂਗਸਟਰਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਅਪਰਾਧਕ ਗਤੀਵਿਧੀਆਂ ਸਬੰਧੀ ਸੂਚਨਾ ਦੇ ਸਕਦੇ ਹਨ।
ਇਸਦੇ ਨਾਲ ਹੀ, ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 378ਵੇਂ ਦਿਨ ਵੀ ਜਾਰੀ ਰੱਖਿਆ। ਅੱਜ ਦੀ ਕਾਰਵਾਈ ਦੌਰਾਨ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 526 ਗ੍ਰਾਮ ਹੈਰੋਇਨ, 515 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9,540 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਮੁਹਿੰਮ ਦੇ 378 ਦਿਨਾਂ ਦੌਰਾਨ ਹੁਣ ਤੱਕ ਕੁੱਲ 53,562 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਹੈ।
