Wednesday, July 29Punjabi People

‘ਗੈਂਗਸਟਰਾਂ ‘ਤੇ ਵਾਰ’ ਦਾ 64ਵਾਂ ਦਿਨ: ਪੰਜਾਬ ਪੁਲਿਸ ਨੇ 540 ਥਾਵਾਂ ‘ਤੇ ਛਾਪੇ ਮਾਰੇ, 206 ਗ੍ਰਿਫ਼ਤਾਰੀਆਂ

ਚੰਡੀਗੜ੍ਹ, 25 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 540 ਪਛਾਣੇ ਟਿਕਾਣਿਆਂ ‘ਤੇ ਛਾਪੇ ਮਾਰੇ।

ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਖਾਸ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 206 ਲੋਕਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 3 ਹਥਿਆਰ ਵੀ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੇ ਆਰੰਭ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 16,884 ਹੋ ਚੁੱਕੀ ਹੈ।

ਇਸ ਤੋਂ ਇਲਾਵਾ 59 ਵਿਅਕਤੀਆਂ ਖ਼ਿਲਾਫ਼ ਐਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 122 ਲੋਕਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਨੇ 5 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਂਟੀ ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਜਾਣਕਾਰੀ ਸਾਂਝੀ ਕਰਕੇ ਅਪਰਾਧ ਖ਼ਿਲਾਫ਼ ਮੁਹਿੰਮ ਵਿੱਚ ਸਹਿਯੋਗ ਦੇਣ।

ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 389ਵੇਂ ਦਿਨ 103 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ। ਪੁਲਿਸ ਨੇ ਉਨ੍ਹਾਂ ਕੋਲੋਂ 8.4 ਕਿਲੋ ਹੈਰੋਇਨ, 37 ਕਿਲੋ ਭੁੱਕੀ, 270 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1450 ਰੁਪਏ ਡਰੱਗ ਮਨੀ ਬਰਾਮਦ ਕੀਤੀ।

ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 55,440 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸਦੇ ਨਾਲ ਹੀ ਪੁਲਿਸ ਨੇ 34 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਲਈ ਤਿਆਰ ਕੀਤਾ।

Leave a Reply

Your email address will not be published. Required fields are marked *