
ਚੰਡੀਗੜ੍ਹ, 11 ਅਪ੍ਰੈਲ 2026: ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ਹੇਠ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 516 ਪਛਾਣੇ ਹੋਏ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਯਾਦ ਰਹੇ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 20,395 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 72 ਲੋਕਾਂ ਵਿਰੁੱਧ ਇਹਤਿਆਤੀ ਕਦਮ ਚੁੱਕੇ ਗਏ, ਜਦਕਿ 69 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ 14 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਤੌਰ ‘ਤੇ ਗੈਂਗਸਟਰਾਂ ਅਤੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ।
ਇਸਦੇ ਨਾਲ ਹੀ, “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 406ਵੇਂ ਦਿਨ ਪੁਲਿਸ ਨੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1.8 ਕਿਲੋ ਹੈਰੋਇਨ, 18 ਕਿਲੋ ਗਾਂਜਾ, 1486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 58,290 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਨਸ਼ਾ ਛੁਡਾਊ ਉਪਰਾਲਿਆਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਹੈ, ਤਾਂ ਜੋ ਉਹ ਨਸ਼ਿਆਂ ਤੋਂ ਛੁਟਕਾਰਾ ਹਾਸਲ ਕਰ ਸਕਣ।
