Saturday, May 23Punjabi People

ਡੀਸੀ ਨਵਜੋਤ ਕੌਰ ਨੇ ਚਿੱਟੀ ਮੱਖੀ ਦੀ ਅਗਾਊਂ ਰੋਕਥਾਮ ਲਈ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਕੜੀਆਂ ਹਦਾਇਤਾਂ ਕੀਤੀਆਂ ਜਾਰੀ

ਚੰਡੀਗੜ੍ਹ /ਮਾਨਸਾ, 6 ਮਾਰਚ 2026: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਊਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਨਦੀਨਾਂ ਦੇ ਖਾਤਮੇ ਲਈ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਖਤਮ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਪੈਦਾ ਹੋਣ ਅਤੇ ਫੈਲਣ ਲਈ ਅਨੁਕੂਲ ਮਾਹੌਲ ਬਣਾਉਂਦੇ ਹਨ।

ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਆਦੇਸ਼ ਦਿੱਤੇ ਕਿ ਹੋਰ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਖਾਤਮੇ ਲਈ ਅਪਣਾਏ ਜਾਣ ਵਾਲੇ ਢੰਗਾਂ ਬਾਰੇ ਤਕਨੀਕੀ ਸਿਖਲਾਈ ਦਿੱਤੀ ਜਾਵੇ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆਂ ਪਿੰਡ ਪੱਧਰ ‘ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਚਿੱਟੀ ਮੱਖੀ ਨੂੰ ਪਨਾਹ ਦੇਣ ਵਾਲੇ ਨਦੀਨਾਂ ਨੂੰ ਕੇਵਲ ਉੱਪਰੋਂ ਕੱਟਣਾ ਹੀ ਕਾਫ਼ੀ ਨਹੀਂ ਹੁੰਦਾ। ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹ ਸਮੇਤ ਪੁੱਟਿਆ ਜਾਵੇ ਅਤੇ ਉਨ੍ਹਾਂ ਨੂੰ ਮਿੱਟੀ ਵਿੱਚ ਖੱਡਾ ਖੋਦ ਕੇ ਦੱਬ ਦਿੱਤਾ ਜਾਵੇ ਜਾਂ ਇੱਕ ਥਾਂ ਇਕੱਠਾ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਜਾਵੇ, ਤਾਂ ਜੋ ਮੱਖੀ ਦਾ ਲਾਰਵਾ ਪੂਰੀ ਤਰ੍ਹਾਂ ਨਸ਼ਟ ਕੀਤਾ ਜਾ ਸਕੇ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਪੜਾਅ ਵਿੱਚ ਹੀ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਨੇ ਸੰਭਾਵਿਤ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਉਥੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਰੋਜ਼ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨੀ ਲਾਜ਼ਮੀ ਹੋਵੇਗੀ।

ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁੱਠ ਕੰਡਾ, ਪੀਲੀ ਕੂੰਘੀ, ਗਾਜਰ ਘਾਹ, ਜੰਗਲੀ ਗੋਭੀ, ਲੋਹ ਅਤੇ ਗਾਜਰ ਬੂਟੀ ਵਰਗੇ ਨਦੀਨ ਆਮ ਤੌਰ ‘ਤੇ ਸੜਕਾਂ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਢਿਆਂ, ਖੇਤਾਂ ਦੇ ਕਿਨਾਰਿਆਂ, ਪਹੀਆਂ ਅਤੇ ਖਾਲੀ ਪਈਆਂ ਜਗ੍ਹਾਂ ‘ਤੇ ਉੱਗਦੇ ਹਨ। ਇਸ ਲਈ ਨਰਮੇ ਵਾਲੇ ਖੇਤਰਾਂ ਵਿੱਚ ਇਨ੍ਹਾਂ ਨਦੀਨਾਂ ਦਾ ਖਾਤਮਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ।

ਮੀਟਿੰਗ ਵਿੱਚ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *