Saturday, May 23Punjabi People

ਪੱਟੀ-ਭਿੱਖੀਵਿੰਡ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੀ ਸਮੀਖਿਆ ਕਰਨ ਪਹੁੰਚੇ ਚੋਣ ਆਬਜ਼ਰਵਰ ਵਿਕਾਸ ਹੀਰਾ

ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ 2026: ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ.ਐਸ.) ਨੇ ਅੱਜ ਇੱਥੇ ਪਹੁੰਚ ਕੇ ਆਪਣਾ ਕਾਰਜਭਾਰ ਸੰਭਾਲ ਲਿਆ।

ਚੋਣਾਂ ਦੀ ਸਮੂਹ ਪ੍ਰਕਿਰਿਆ ਦੀ ਨਿਗਰਾਨੀ ਲਈ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅਖੀਰਲੇ ਦਿਨ ਪੱਟੀ ਅਤੇ ਭਿੱਖੀਵਿੰਡ ਵਿੱਚ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਪ੍ਰਬੰਧਾਂ ’ਤੇ ਸੰਤੁਸ਼ਟੀ ਜਤਾਉਂਦੇ ਹੋਏ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਿਆ ਜਾ ਸਕੇ।

ਵਿਕਾਸ ਹੀਰਾ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ, ਤਾਂ ਜੋ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਆਸ ਜਤਾਈ ਕਿ ਚੋਣਾਂ ਬਿਨਾਂ ਕਿਸੇ ਰੁਕਾਵਟ ਦੇ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸਮੱਸਿਆ ਲਈ ਉਨ੍ਹਾਂ ਨਾਲ ਮੋਬਾਈਲ ਨੰਬਰ 9988565609 ਅਤੇ ਈਮੇਲ vikas_heera@yahoo.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨਾਲ ਮੁਲਾਕਾਤ ਕਰਕੇ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਐਸ.ਡੀ.ਐਮ. ਪੱਟੀ ਅਮਨਦੀਪ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *