
ਅੰਮ੍ਰਿਤਸਰ, 22 ਮਾਰਚ 2026: ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ Laljit Singh Bhullar ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਨ੍ਹਾਂ ਖ਼ਿਲਾਫ਼ ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ।
ਦਰਜ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰੰਧਾਵਾ ‘ਤੇ ਲਗਾਤਾਰ ਦਬਾਅ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਇਸ ਮਾਨਸਿਕ ਤਣਾਅ ਕਾਰਨ ਹੀ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ, ਅਪਰਾਧਿਕ ਧਮਕੀ ਅਤੇ ਸਾਜ਼ਿਸ਼ ਨਾਲ ਸੰਬੰਧਤ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।
ਇਸ ਮਾਮਲੇ ਨੇ ਸੂਬੇ ਦੀ ਰਾਜਨੀਤੀ ਨੂੰ ਵੀ ਤਪਾ ਦਿੱਤਾ ਹੈ। ਵਿਰੋਧੀ ਪਾਰਟੀਆਂ ਵੱਲੋਂ ਮੰਤਰੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵੱਲੋਂ ਨਿਰਪੱਖ ਜਾਂਚ ਦੀ ਮੰਗ ਉਠਾਈ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਤੋਂ ਪਹਿਲਾਂ ਰੰਧਾਵਾ ਨੇ ਕੁਝ ਜਾਣਕਾਰਾਂ ਨੂੰ ਇੱਕ ਵੀਡੀਓ ਭੇਜੀ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ‘ਤੇ ਬਣੇ ਦਬਾਅ ਬਾਰੇ ਗੱਲ ਕੀਤੀ ਸੀ। ਪੁਲਿਸ ਨੇ ਇਸ ਵੀਡੀਓ ਨੂੰ ਜਾਂਚ ਵਿੱਚ ਸ਼ਾਮਲ ਕਰ ਲਿਆ ਹੈ ਅਤੇ ਇਸ ਦੇ ਨਾਲ ਹੋਰ ਇਲੈਕਟ੍ਰਾਨਿਕ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਜੌਲੀ ਸਰਕਾਰੀ ਸਕੂਲ ਵਿੱਚ ਸਾਇੰਸ ਅਧਿਆਪਕਾ ਹਨ ਅਤੇ ਪਰਿਵਾਰ ਵਿੱਚ ਤਿੰਨ ਬੱਚੇ ਹਨ। ਰੰਧਾਵਾ ਵੇਅਰਹਾਊਸ ਕਾਰਪੋਰੇਸ਼ਨ ਵਿੱਚ ਡੀਐਮ ਵਜੋਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਕੰਮ ਦੀ ਦੇਖਭਾਲ ਕਰ ਰਹੇ ਸਨ।
ਪੁਲਿਸ ਮੁਤਾਬਕ ਸ਼ਿਕਾਇਤ ਵਿੱਚ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਦੋਸ਼ ਵੀ ਲਗਾਏ ਗਏ ਹਨ, ਜਿਨ੍ਹਾਂ ਦੀ ਵੱਖਰੇ ਤੌਰ ‘ਤੇ ਜਾਂਚ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ, ਰੰਧਾਵਾ ਨੇ ਸ਼ੁੱਕਰਵਾਰ ਦੇਰ ਰਾਤ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਹਾਲਤ ਗੰਭੀਰ ਹੋਣ ‘ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਸ਼ਨੀਵਾਰ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੌਤ ਤੋਂ ਪਹਿਲਾਂ ਜਾਰੀ ਕੀਤੀ ਵੀਡੀਓ ਵਿੱਚ ਉਨ੍ਹਾਂ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਕਦਮ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ‘ਤੇ ਟੈਂਡਰਾਂ ਨੂੰ ਲੈ ਕੇ ਦਬਾਅ ਬਣਾਇਆ ਜਾ ਰਿਹਾ ਸੀ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੰਤਰੀ ਵੱਲੋਂ ਆਪਣੇ ਪਿਤਾ ਦੇ ਨਾਮ ‘ਤੇ ਟੈਂਡਰ ਹਾਸਲ ਕਰਨ ਲਈ ਦਬਾਅ ਪਾਇਆ ਗਿਆ। ਟੈਂਡਰ ਨਾ ਦੇਣ ‘ਤੇ ਉਨ੍ਹਾਂ ਨੂੰ ਮੰਤਰੀ ਦੀ ਰਿਹਾਇਸ਼ ‘ਤੇ ਬੁਲਾ ਕੇ ਮਾਰਪੀਟ ਕੀਤੀ ਗਈ ਅਤੇ ਘਟਨਾ ਦੀ ਵੀਡੀਓ ਬਣਾਈ ਗਈ। ਨਾਲ ਹੀ, ਉਨ੍ਹਾਂ ‘ਤੇ ₹10 ਲੱਖ ਦੀ ਰਿਸ਼ਵਤ ਲੈਣ ਦੇ ਝੂਠੇ ਦੋਸ਼ ਲਗਾ ਕੇ ਮਨਘੜਤ ਵੀਡੀਓ ਤਿਆਰ ਕਰਨ ਦੀ ਗੱਲ ਵੀ ਕਹੀ ਗਈ।
ਇਸ ਤੋਂ ਇਲਾਵਾ, ਉਨ੍ਹਾਂ ਨੂੰ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲਣ ਦੀ ਗੱਲ ਵੀ ਸਾਹਮਣੇ ਆਈ ਹੈ। ਭਾਰੀ ਮਾਨਸਿਕ ਦਬਾਅ ਦੇ ਕਾਰਨ ਹੀ ਉਨ੍ਹਾਂ ਨੇ ਇਹ ਕਦਮ ਚੁੱਕਿਆ। ਰੰਧਾਵਾ ਨੇ ਇਹ ਸਾਰੇ ਦੋਸ਼ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਆਪਣੇ ਵਿਭਾਗ ਦੇ ਪ੍ਰਬੰਧ ਨਿਰਦੇਸ਼ਕ ਨੂੰ ਲਿਖੇ ਪੱਤਰ ਵਿੱਚ ਵੀ ਦਰਜ ਕੀਤੇ ਸਨ, ਜਿਸ ਦੀਆਂ ਕਾਪੀਆਂ ਪਰਿਵਾਰ ਵੱਲੋਂ ਪੁਲਿਸ ਨੂੰ ਦਿੱਤੀਆਂ ਗਈਆਂ ਹਨ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ Bhagwant Singh Mann ਨੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਮਾਮਲੇ ਦੀ ਡੂੰਘੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ।
