Saturday, May 23Punjabi People

14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੰਡੇ ਗਏ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 24 ਮਾਰਚ 2026: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਕਿਹਾ ਕਿ ਗਰੁੱਪ ‘ਸੀ’ ਅਤੇ ‘ਡੀ’ ਅਸਾਮੀਆਂ ਲਈ ਇਹ ਭਰਤੀਆਂ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਕੀਤੀਆਂ ਗਈਆਂ ਹਨ, ਜਿਸ ਦਾ ਮਕਸਦ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ‘ਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਦੱਸਿਆ ਕਿ 14 ਉਮੀਦਵਾਰਾਂ ਵਿੱਚੋਂ 2 ਨੂੰ ਕਲਰਕ, 9 ਨੂੰ ਸੇਵਾਦਾਰ, 1 ਨੂੰ ਸਹਾਇਕ ਸੇਵਾਦਾਰ, 1 ਨੂੰ ਜੂਨੀਅਰ ਟੈਕਨੀਸ਼ੀਅਨ ਅਤੇ 1 ਨੂੰ ਸਹਾਇਕ (ਤਕਨੀਕੀ) ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਵਾਂਗੀਣ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਨਿਯੁਕਤੀ ਪੱਤਰ ਵੰਡਣ ‘ਤੇ ਸੰਤੁਸ਼ਟੀ ਜਤਾਉਂਦਿਆਂ ਕਿਹਾ ਕਿ ਇਹ ਨਵੇਂ ਉਮੀਦਵਾਰ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਉਨ੍ਹਾਂ ਨੇ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਮੰਤਰੀ ਨੇ ਕਿਹਾ ਕਿ ਸਰਕਾਰ ਨੇ ਰੋਜ਼ਗਾਰ ਦੇ ਕੇ ਆਪਣਾ ਫ਼ਰਜ਼ ਨਿਭਾਇਆ ਹੈ ਅਤੇ ਹੁਣ ਨਵ-ਨਿਯੁਕਤ ਉਮੀਦਵਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਸੱਚਾਈ ਨਾਲ ਸੇਵਾ ਕਰਨ।

ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ, ਵਿਭਾਗ ਮੁਖੀ ਮੈਡਮ ਸਈਦ ਸਹਿਰੀਸ਼ ਅਸਗਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *