
ਚੰਡੀਗੜ੍ਹ, 3 ਫਰਵਰੀ 2026: ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ ‘ਤੇ ਸਥਿਤ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਗੰਭੀਰ ਸ਼ਿਕਾਇਤਾਂ ਦੀ ਪੂਰੀ ਜਾਂਚ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਹੁਕਮ ਦਿੱਤੇ ਹਨ।
ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ ਨੂੰ ਪੱਤਰ ਦੇ ਕੇ ਦੱਸਿਆ ਹੈ ਕਿ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਵਿੱਚ ਖਾਮੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।
ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੇ ਅਧਾਰ ‘ਤੇ ਜਾਰੀ ਕੀਤੇ ਗਏ ਹਨ, ਜਿਸ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਗਲਤ ਵਰਤੋਂ ਅਤੇ ਬੁਨਿਆਦੀ ਢਾਂਚੇ ਵਿੱਚ ਖਾਮੀਆਂ ਪਾਈਆਂ ਗਈਆਂ।
ਸਿੱਖਿਆ ਮੰਤਰੀ ਨੇ ਪੰਜਾਬ ਪੁਲਿਸ ਨੂੰ ਵੀ ਹੁਕਮ ਦਿੱਤਾ ਕਿ ਅਕੈਡਮੀ ਦੇ ਪ੍ਰਿੰਸੀਪਲ ਦੀ ਕਥਿਤ ਜਾਅਲੀ ਪੀਐਚ.ਡੀ. ਡਿਗਰੀ ਦੀ ਜਾਂਚ ਕਰਨ ਅਤੇ ਰਿਕਾਰਡਾਂ ਵਿੱਚ ਛੇੜਛਾੜ ਨੂੰ ਰੋਕਣ ਲਈ ਸਾਰੇ ਸਬੰਧਿਤ ਦਸਤਾਵੇਜ਼ ਸੁਰੱਖਿਅਤ ਕਰ ਲਏ ਜਾਣ।
ਸ. ਹਰਜੋਤ ਸਿੰਘ ਬੈਂਸ ਨੇ ਇਸ ਜਾਂਚ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਦਾ ਆਦੇਸ਼ ਦਿੰਦਿਆਂ 30 ਦਿਨਾਂ ਵਿੱਚ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ। ਇਸ ਰਿਪੋਰਟ ਦੇ ਨਤੀਜੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜੋ ਟਰੱਸਟ ਦੇ ਐਕਸ-ਆਫੀਸ਼ੋ ਚੇਅਰਮੈਨ ਹਨ, ਅੱਗੇ ਢੁਕਵੀਂ ਕਾਰਵਾਈ ਲਈ ਪੇਸ਼ ਕੀਤੇ ਜਾਣਗੇ।
ਸਿੱਖਿਆ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ, “ਸਾਡੇ ਵਿੱਦਿਅਕ ਅਦਾਰਿਆਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰਵਾਉਣਗੇ ਅਤੇ ਜਨਤਕ ਵਿਸ਼ਵਾਸ ਨੂੰ ਢਾਹਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਨਤਕ ਵਿਦਿਆਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਭਲਾਈ ਅਤੇ ਸਰਕਾਰੀ ਸਰੋਤਾਂ ਦੀ ਕੀਮਤ ‘ਤੇ ਨਿੱਜੀ ਲਾਭ ਲਈ ਵਰਤਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”
