Saturday, May 23Punjabi People

ਮਹਿਲਾ ਸਨਮਾਨ ਅਤੇ ਸਸ਼ਕਤੀਕਰਨ ਨੂੰ ਮਜ਼ਬੂਤੀ ਦੇਣ ਵਾਲਾ ਇਤਿਹਾਸਕ ਬਜਟ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ ਲਈ ਲਾਭਕਾਰੀ ਹੈ ਅਤੇ ਖ਼ਾਸ ਤੌਰ ’ਤੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤੀ ਦੇਣ ਲਈ ਕਈ ਅਹਿਮ ਅਤੇ ਬਦਲਾਅਕਾਰੀ ਫੈਸਲੇ ਲੈ ਕੇ ਆਇਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੇਸ਼ ਕੀਤਾ ਗਿਆ ਇਹ ਬਜਟ ਪੰਜਾਬ ਦੀਆਂ ਮਹਿਲਾਵਾਂ ਲਈ ਇਕ ਵੱਡੀ ਸੋਗਾਤ ਹੈ, ਜੋ ਉਨ੍ਹਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਨਵਾਂ ਹੌਸਲਾ ਦੇਵੇਗਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਹੀ ਉਨ੍ਹਾਂ ਦੀ ਅਸਲ ਆਜ਼ਾਦੀ ਅਤੇ ਸਮਾਜਿਕ ਇਜ਼ਤ ਦੀ ਮਜ਼ਬੂਤ ਨੀਂਹ ਹੁੰਦੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਇਤਿਹਾਸ ਵਿੱਚ ਕਈ ਔਖੇ ਅਤੇ ਦੁਖਦਾਈ ਦੌਰ ਵੇਖੇ ਹਨ—ਚਾਹੇ ਉਹ ਵਿਦੇਸ਼ੀ ਹਮਲਿਆਂ ਦਾ ਸਮਾਂ ਹੋਵੇ, ਦੇਸ਼ ਦੀ ਵੰਡ ਦਾ ਦੁਖਦਾਈ ਅਧਿਆਇ ਹੋਵੇ, ਅੱਤਵਾਦ ਦਾ ਦੌਰ ਹੋਵੇ ਜਾਂ ਨਸ਼ਿਆਂ ਦੀ ਸਮੱਸਿਆ—ਹਰ ਸਮੇਂ ਸਭ ਤੋਂ ਵੱਧ ਸਹਿਨਸ਼ੀਲਤਾ ਅਤੇ ਤਕਲੀਫ਼ ਮਹਿਲਾਵਾਂ ਨੇ ਹੀ ਝੱਲੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਇਹ ਦਰਦ ਘੱਟ ਦਰਜ ਹੈ, ਪਰ ਪੰਜਾਬ ਦੀਆਂ ਧੀਆਂ ਦੀ ਪੀੜਾ ਲੋਕ ਗੀਤਾਂ ਅਤੇ ਸਾਹਿਤ ਵਿੱਚ ਅੱਜ ਵੀ ਸਪਸ਼ਟ ਝਲਕਦੀ ਹੈ। ਉਨ੍ਹਾਂ ਪੰਜਾਬ ਦੀ ਮਸ਼ਹੂਰ ਲੇਖਿਕਾ ਅੰਮ੍ਰਿਤਾ ਪ੍ਰੀਤਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਲਿਖਤ ਰਾਹੀਂ ਪੰਜਾਬ ਦੀਆਂ ਧੀਆਂ ਦੇ ਦਰਦ ਅਤੇ ਜਜ਼ਬੇ ਨੂੰ ਦੁਨੀਆ ਅੱਗੇ ਰੱਖਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਦੀਆਂ ਤੋਂ ਮਹਿਲਾਵਾਂ ਨੇ ਆਪਣੇ ਸੁਪਨੇ ਤਿਆਗ ਕੇ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਰੱਖੀ ਹੈ। ਅੱਜ ਵੀ ਬੇਸ਼ੁਮਾਰ ਘਰੇਲੂ ਮਹਿਲਾਵਾਂ ਛੋਟੀਆਂ-ਛੋਟੀਆਂ ਬਚਤਾਂ ਕਰਕੇ ਘਰਾਂ ਨੂੰ ਸੰਭਾਲਦੀਆਂ ਹਨ ਅਤੇ ਪਰਿਵਾਰਾਂ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਂਦੀਆਂ ਹਨ, ਪਰ ਉਨ੍ਹਾਂ ਦੇ ਇਸ ਕੀਮਤੀ ਯੋਗਦਾਨ ਨੂੰ ਅਕਸਰ ਯੋਗ ਮਾਨਤਾ ਨਹੀਂ ਮਿਲਦੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਸਿਰਫ ਇੱਕ ਸਕੀਮ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ ਨੂੰ ਬਹਾਲ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਲਈ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਵੀ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਪਹਿਲ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਜਿਵੇਂ “ਮੇਰੀ ਰਸੋਈ ਸਕੀਮ” ਰਾਹੀਂ ਕਰੀਬ 40 ਲੱਖ ਪਰਿਵਾਰਾਂ ਨੂੰ ਭੋਜਨ ਦੀ ਸੁਰੱਖਿਆ ਮਿਲ ਰਹੀ ਹੈ, ਜਿਸ ਨਾਲ ਗਰੀਬ ਅਤੇ ਮਜ਼ਦੂਰ ਵਰਗ ਦੇ ਪਰਿਵਾਰਾਂ ਨੂੰ ਵੱਡਾ ਸਹਾਰਾ ਮਿਲਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬਜਟ ਕੇਵਲ ਮਹਿਲਾਵਾਂ ਲਈ ਹੀ ਨਹੀਂ, ਸਗੋਂ ਬਜ਼ੁਰਗਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ ਅਤੇ ਮਜ਼ਦੂਰ ਵਰਗ ਸਮੇਤ ਸਮਾਜ ਦੇ ਹਰ ਹਿੱਸੇ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਫੈਸਲੇ ਉਹੀ ਸਰਕਾਰ ਕਰ ਸਕਦੀ ਹੈ ਜਿਸਦਾ ਮੁੱਖ ਮੰਤਰੀ ਆਖਰੀ ਕਤਾਰ ਵਿੱਚ ਖੜ੍ਹੇ ਆਮ ਇਨਸਾਨ ਦੇ ਘਰ ਦੇ ਹਾਲਾਤਾਂ ਨੂੰ ਵੀ ਸਮਝਦਾ ਹੋਵੇ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਇੱਕ ਲੋਕ-ਪੱਖੀ ਅਤੇ ਯਾਦਗਾਰੀ ਬਜਟ ਸਾਬਤ ਹੋਵੇਗਾ

Leave a Reply

Your email address will not be published. Required fields are marked *