Wednesday, July 29Punjabi People

ਪੱਛਮੀ ਏਸ਼ੀਆ ਵਿੱਚ ਬਣੇ ਤਣਾਅ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆ ਵਿੱਚ ਬਣੀ ਜੰਗੀ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਗੱਲ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਅਤੇ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਬਣੀ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਲਾਜ਼ਮੀ ਵਸਤਾਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਵੀ ਸਥਿਤੀ ‘ਤੇ ਨਿਗਰਾਨੀ ਬਣਾਈ ਰੱਖਣ ਅਤੇ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਲਾਜ਼ਮੀ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਅਸਥਿਰ ਹਾਲਾਤਾਂ ਕਾਰਨ ਲੋਕਾਂ ਵਿੱਚ ਘਬਰਾਹਟ ਜਾਂ ਤਣਾਅ ਦਾ ਮਾਹੌਲ ਬਣਨ ਤੋਂ ਰੋਕਣਾ ਵੀ ਉਤਨਾ ਹੀ ਜ਼ਰੂਰੀ ਹੈ।

ਉਨ੍ਹਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹਾ ਪੱਧਰ ‘ਤੇ ਸਥਿਤੀ ਦੀ ਨਜ਼ਦੀਕੀ ਨਿਗਰਾਨੀ ਕੀਤੀ ਜਾਵੇ। ਇਸ ਲਈ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਨਾਲ ਨਿਯਮਿਤ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਵਿੱਚ ਗੈਸ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਸਪਲਾਈ ਪ੍ਰਣਾਲੀ ਸੁਚਾਰੂ ਤਰੀਕੇ ਨਾਲ ਚੱਲਦੀ ਰਹੇ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕੋਈ ਵੀ ਰੁਕਾਵਟ ਨਾ ਆਵੇ ਅਤੇ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਪੂਰਾ ਤਾਲਮੇਲ ਬਣਿਆ ਰਹੇ।

ਇਸਦੇ ਨਾਲ ਹੀ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਜ਼ਰੂਰੀ ਵਸਤਾਂ ਦੀ ਗੈਰਕਾਨੂੰਨੀ ਜਮ੍ਹਾਂਖੋਰੀ ਜਾਂ ਹੇਰਾਫੇਰੀ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਉਸ ਦੇ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਹਾਲਤ ਵਿੱਚ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਲ ਲੋਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

Leave a Reply

Your email address will not be published. Required fields are marked *