Saturday, May 23Punjabi People

ਪੰਜਾਬ ਪੁਲਿਸ ਦੀ ਤਾਬੜਤੋੜ ਕਾਰਵਾਈ, 516 ਥਾਵਾਂ ‘ਤੇ ਰੇਡ ਕਰ 213 ਮੁਲਜ਼ਮ ਫੜੇ

ਚੰਡੀਗੜ੍ਹ, 12 ਮਈ 2026: ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ 516 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਗੌਰਤਲਬ ਹੈ ਕਿ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦੇ ਰਹੀਆਂ ਹਨ।

ਮੁਹਿੰਮ ਦੇ 112ਵੇਂ ਦਿਨ ਦੌਰਾਨ ਪੁਲਿਸ ਨੇ 2 ਹਥਿਆਰ ਬਰਾਮਦ ਕਰਦੇ ਹੋਏ 213 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 28,551 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ 66 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 28 ਵਿਅਕਤੀਆਂ ਨੂੰ ਪੁੱਛਗਿੱਛ ਅਤੇ ਤਫ਼ਤੀਸ਼ ਤੋਂ ਬਾਅਦ ਛੱਡ ਦਿੱਤਾ ਗਿਆ। ਇਸ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 437ਵੇਂ ਦਿਨ ਵੀ ਜਾਰੀ ਰੱਖਿਆ। ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 847 ਗ੍ਰਾਮ ਹੈਰੋਇਨ, 2 ਕਿਲੋ ਗਾਂਜਾ, 46 ਕਿਲੋ ਭੁੱਕੀ, 392 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਮੁਹਿੰਮ ਤਹਿਤ ਪਿਛਲੇ 437 ਦਿਨਾਂ ਵਿੱਚ ਕੁੱਲ 63,707 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਨਸ਼ਾ ਮੁਕਤੀ ਅਤੇ ਪੁਨਰਵਸੇਬੇ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *