Saturday, May 23Punjabi People

ਗਗਨਦੀਪ ਭੁੱਲਰ ਖੁਦਕੁਸ਼ੀ ਮਾਮਲੇ ਵਿੱਚ ਨਵਾਂ ਮੋੜ: ਮ੍ਰਿਤਕ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ

ਚੰਡੀਗੜ੍ਹ, 23 ਮਾਰਚ 2026:   ਗਗਨਦੀਪ ਭੁੱਲਰ ਖੁਦਕੁਸ਼ੀ ਮਾਮਲੇ ਵਿੱਚ ਇੱਕ ਮਹੱਤਵਪੂਰਨ ਮੋੜ ਆਇਆ ਹੈ। ਮ੍ਰਿਤਕ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਦਿਆਂ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਪੋਸਟਮਾਰਟਮ ਪੰਜਾਬ ਤੋਂ ਬਾਹਰ—ਚੰਡੀਗੜ੍ਹ ਪੀਜੀਆਈ, ਸੈਕਟਰ-32 ਚੰਡੀਗੜ੍ਹ, ਪੀਜੀਆਈ ਰੋਹਤਕ ਜਾਂ ਏਮਜ਼ ਬਠਿੰਡਾ—ਵਿੱਚ ਕਰਵਾਇਆ ਜਾਵੇ। ਇਸ ਦੇ ਨਾਲ ਹੀ ਇੱਕ ਸੁਤੰਤਰ ਡਾਕਟਰੀ ਪੈਨਲ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਹਾਈ ਕੋਰਟ ਵਿੱਚ ਹੋਣੀ ਹੈ।

ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਥਿਤੀ ਹੋਰ ਗੰਭੀਰ ਬਣ ਗਈ ਹੈ। ਇਸ ਦੌਰਾਨ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਅਹਿਮ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਤੋਂ ਕਰਵਾਈ ਜਾਵੇ। ਪਰਿਵਾਰ ਨੇ ਮੰਗ ਕੀਤੀ ਹੈ ਕਿ ਪੋਸਟਮਾਰਟਮ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕੀਤਾ ਜਾਵੇ ਅਤੇ ਪੀਜੀਆਈ ਦੇ ਡਾਕਟਰਾਂ ਦੀ ਟੀਮ ਇਸ ਕਾਰਵਾਈ ਨੂੰ ਅੰਜਾਮ ਦੇਵੇ।

ਉਪਿੰਦਰ ਕੌਰ ਨੇ ਇਹ ਵੀ ਦੱਸਿਆ ਕਿ ਇਸ ਕੇਸ ਵਿੱਚ ਕਈ ਮਹੱਤਵਪੂਰਨ ਦੋਸ਼ੀ ਅਜੇ ਤੱਕ ਗ੍ਰਿਫ਼ਤਾਰ ਨਹੀਂ ਹੋਏ, ਜਿਸ ਕਾਰਨ ਸੱਚਾਈ ਸਾਹਮਣੇ ਆਉਣ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਕੋਲ ਮੌਜੂਦ ਸਾਰੇ ਸਬੂਤ—ਜਿਵੇਂ ਕਿ ਫੋਨ ਰਿਕਾਰਡਿੰਗਾਂ ਅਤੇ ਹੋਰ ਦਸਤਾਵੇਜ਼—ਉਹ ਉਸ ਜਾਂਚ ਏਜੰਸੀ ਨੂੰ ਸੌਂਪਣਗੇ ਜਿਸ ਨੂੰ ਸਰਕਾਰ ਵੱਲੋਂ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਸ ਦਰਮਿਆਨ, ਮਾਮਲੇ ਵਿੱਚ ਇੱਕ ਹੋਰ ਵੱਡਾ ਵਿਕਾਸ ਸਾਹਮਣੇ ਆਇਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਭੁੱਲਰ ਨੇ 21 ਮਾਰਚ ਨੂੰ ਆਪਣਾ ਅਸਤੀਫਾ ਦਿੱਤਾ ਸੀ, ਜਿਸ ਨੂੰ ਹੁਣ ਅਧਿਕਾਰਿਕ ਤੌਰ ‘ਤੇ ਸਵੀਕਾਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਮਾਮਲਾ 21 ਮਾਰਚ 2026 ਨੂੰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਹੈ। ਇਸ ਸਬੰਧੀ ਭੁੱਲਰ ਅਤੇ ਉਸਦੇ ਪਰਿਵਾਰ ‘ਤੇ ਗੰਭੀਰ ਦੋਸ਼ ਲਗੇ ਹਨ, ਜਿਸ ਕਾਰਨ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਹਲਚਲ ਮਚੀ ਹੋਈ ਹੈ।

Leave a Reply

Your email address will not be published. Required fields are marked *