
ਐਸ.ਏ.ਐਸ. ਨਗਰ, 4 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀ ਭਾਵੇਂ ਦੇਸ਼ ਦੇ ਹੋਰ ਸੂਬਿਆਂ ਵਿੱਚ ਜਿੱਤ ਸਕਦੀ ਹੈ, ਪਰ ਪੰਜਾਬ ਵਰਗੀ ਪਵਿੱਤਰ ਧਰਤੀ ‘ਤੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਸੂਬੇ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਨੀਤੀਆਂ ਤੋਂ ਭਲੀਭਾਂਤੀ ਜਾਣੂ ਹਨ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਕਿਸਾਨਾਂ ਨਾਲ ਹੋਈ ਜ਼ਿਆਦਤੀਆਂ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ਼ਹੀਦ ਹੋਏ ਸੈਂਕੜਿਆਂ ਕਿਸਾਨਾਂ ਦੀ ਕੁਰਬਾਨੀ ਨੂੰ ਲੋਕ ਹਮੇਸ਼ਾ ਯਾਦ ਰੱਖਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹੋਰ ਜਾਇਜ਼ ਹੱਕਾਂ ਤੋਂ ਸੂਬੇ ਨੂੰ ਵਾਂਝਾ ਰੱਖਣ ਦੀ ਕੋਸ਼ਿਸ਼ ਕੀਤੀ ਹੈ ਅਤੇ ਸੂਬੇ ਦੇ ਵਿਕਾਸ ਲਈ ਮਿਲਣ ਵਾਲੀਆਂ ਗ੍ਰਾਂਟਾਂ ਵਿੱਚ ਵੀ ਰੁਕਾਵਟ ਪਾਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਦਾ ਪੰਜਾਬ ਵਿੱਚ ਸੱਤਾ ਵਿੱਚ ਆਉਣਾ ਮੁਸ਼ਕਲ ਹੈ ਕਿਉਂਕਿ ਲੋਕ ਇਸਦੇ ਪੁਰਾਣੇ ਰਿਕਾਰਡ ਨੂੰ ਨਹੀਂ ਭੁੱਲਣਗੇ।
ਸਿਹਤ ਖੇਤਰ ਵਿੱਚ ਉਪਲਬਧੀਆਂ ਬਾਰੇ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 990 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ ਜਲਦੀ ਇਹ ਗਿਣਤੀ 1400 ਤੱਕ ਪਹੁੰਚੇਗੀ। ਇਨ੍ਹਾਂ ਕਲੀਨਿਕਾਂ ਵਿੱਚ 107 ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਮੁਫ਼ਤ ਉਪਲਬਧ ਹਨ, ਜਿਸ ਨਾਲ ਲੋਕਾਂ ਦਾ ਸਰਕਾਰੀ ਸਿਹਤ ਸਹੂਲਤਾਂ ‘ਤੇ ਭਰੋਸਾ ਵਧਿਆ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ‘ਤੇ ਆਰਥਿਕ ਬੋਝ ਘਟੇਗਾ। ਇਸ ਤੋਂ ਇਲਾਵਾ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਇਹ ਰਕਮ ਸਿੱਧੀ ਬੈਂਕ ਖਾਤਿਆਂ ਵਿੱਚ ਜਾਵੇਗੀ।
ਸਿੰਚਾਈ ਪ੍ਰਬੰਧਾਂ ਬਾਰੇ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 14,000 ਕਿਲੋਮੀਟਰ ਲੰਬਾ ਨਹਿਰੀ ਅਤੇ ਪਾਈਪਲਾਈਨ ਨੈੱਟਵਰਕ ਤਿਆਰ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਸਹੂਲਤ ਮਿਲ ਰਹੀ ਹੈ। ਇਸ ਨਾਲ ਨਾਲ ਜ਼ਮੀਨੀ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਵੀ ਉਪਰਾਲੇ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, 65,000 ਤੋਂ ਵੱਧ ਨੌਕਰੀਆਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦਾ ਸਭ ਤੋਂ ਵੱਡਾ ਸਾਧਨ ਹੈ।
ਸਿੱਖਿਆ ਅਤੇ ਖੇਤੀਬਾੜੀ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਘੱਟੀਆਂ ਹਨ।
ਰਵਾਇਤੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਲੋਕ ਹੁਣ ਪੁਰਾਣੇ ਆਗੂਆਂ ਦੇ ਵਾਅਦਿਆਂ ਤੋਂ ਪ੍ਰਭਾਵਿਤ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਚੁੱਕੇ ਹਨ।
‘ਬੇਅਦਬੀ’ ਦੇ ਮਾਮਲਿਆਂ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਪਾਸ ਕੀਤਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 6 ਤੋਂ 9 ਮਈ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਕੱਢੀ ਜਾਵੇਗੀ, ਜਿਸ ਦੌਰਾਨ ਵੱਖ-ਵੱਖ ਤਖ਼ਤਾਂ ਅਤੇ ਗੁਰਦੁਆਰਿਆਂ ‘ਤੇ ਮੱਥਾ ਟੇਕਿਆ ਜਾਵੇਗਾ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਗੱਲ ਵੀ ਕਹੀ ਅਤੇ ਦੱਸਿਆ ਕਿ ਇਸ ਸਬੰਧੀ ਸਾਲ ਭਰ ਸਮਾਗਮ ਕਰਵਾਏ ਜਾਣਗੇ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਸਮਾਰੋਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਨਾਏ ਜਾਣਾ ਮਾਣ ਵਾਲੀ ਗੱਲ ਹੈ ਅਤੇ ਸਰਕਾਰ ਇਨ੍ਹਾਂ ਨੂੰ ਪੂਰੇ ਧਾਰਮਿਕ ਜੋਸ਼ ਨਾਲ ਮਨਾਏਗੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਆਗੂ ਵੀ ਮੌਜੂਦ ਸਨ।
