
ਸੰਗਰੂਰ, 14 ਮਾਰਚ 2026: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਆਪਣੇ ਜੱਦੀ ਪਿੰਡ ਭਰਾਜ ਵਿੱਚ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ 46 ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਪਰਿਵਾਰ ਦੀ ਖ਼ਾਹਿਸ਼ ਹੁੰਦੀ ਹੈ ਕਿ ਉਸਦਾ ਆਪਣਾ ਘਰ ਹੋਵੇ ਅਤੇ ਪੰਜਾਬ ਸਰਕਾਰ ਇਸ ਸੁਪਨੇ ਨੂੰ ਹਕੀਕਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਲਈ ਪਲਾਟ ਮੁਹੱਈਆ ਕਰਵਾਉਣਾ ਇੱਕ ਮਹੱਤਵਪੂਰਨ ਸਮਾਜਿਕ ਪਹਲ ਹੈ, ਜਿਸ ਨਾਲ ਉਹਨਾਂ ਨੂੰ ਸੁਰੱਖਿਅਤ ਅਤੇ ਇਜ਼ਤਭਰਿਆ ਜੀਵਨ ਜੀਊਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਹ ਸੈਂਕਸ਼ਨ ਪੱਤਰ ਪਰਿਵਾਰਾਂ ਨੂੰ ਸੌਂਪੇ ਗਏ ਤਾਂ ਲਾਭਪਾਤਰੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇ ਨਜ਼ਾਰੇ ਦੇਖ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਅਤੇ ਸੰਤੁਸ਼ਟੀ ਮਹਿਸੂਸ ਹੋਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਨੂੰ ਪਹਿਲ ਦੇਂਦਿਆਂ ਕੰਮ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਆ ਰਹੇ ਹਨ।
ਵਿਧਾਇਕ ਭਰਾਜ ਨੇ ਅਰਦਾਸ ਕਰਦਿਆਂ ਕਿਹਾ ਕਿ ਇਹਨਾਂ ਪਰਿਵਾਰਾਂ ਦੇ ਨਵੇਂ ਘਰ ਹਮੇਸ਼ਾਂ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਨਾਲ ਭਰੇ ਰਹਿਣ ਅਤੇ ਉਹ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਖੁਸ਼ੀ-ਖੁਸ਼ੀ ਕਰਨ। ਉਨ੍ਹਾਂ ਇਹ ਭਰੋਸਾ ਵੀ ਦਿਵਾਇਆ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਦੇ ਰਹਿਣਗੇ।
ਇਸ ਮੌਕੇ ਲਾਭਪਾਤਰੀ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਲਈ ਵੱਡੀ ਮਦਦ ਸਾਬਤ ਹੋਵੇਗਾ ਅਤੇ ਆਪਣੇ ਘਰ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
