
ਚੰਡੀਗੜ੍ਹ, 29 ਮਾਰਚ 2026: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਪੰਜ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਦੋ ਸਾਲ ਪੁਰਾਣੇ ਰੇਪ ਮਾਮਲੇ ਵਿੱਚ ਲੋੜੀਂਦੇ ਸਨ। ਕੇਸ ਦਰਜ ਹੋਣ ਤੋਂ ਬਾਅਦ ਉਹ ਪਹਿਲਾਂ ਹਰਿਆਣਾ ਦੇ ਕਰਨਾਲ ਵਿੱਚ ਪੁਲਿਸ ਵੱਲੋਂ ਘੇਰੇ ਗਏ ਸਨ, ਪਰ ਉਥੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ ਅਤੇ ਬਾਅਦ ਵਿੱਚ ਆਸਟ੍ਰੇਲੀਆ ਚਲੇ ਗਏ ਸਨ।
ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਲੁੱਕ ਆਉਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਸੀ। ਪਠਾਣਮਾਜਰਾ 2022 ਵਿੱਚ ਪਟਿਆਲਾ ਦੀ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਮਾਮਲੇ ਵਿੱਚ ਰਾਹਤ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਸੀ, ਜਿਸ ਦੀ ਸੁਣਵਾਈ ਅੱਜ ਹੋਣੀ ਸੀ। ਇਸ ਸਬੰਧ ਵਿੱਚ ਉਹ ਲਗਭਗ 9 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਵਾਪਸ ਆਏ ਸਨ।
ਉਨ੍ਹਾਂ ਦੇ ਦਿੱਲੀ ਪਹੁੰਚਣ ਦੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਨੇ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿੱਚ ਗਵਾਲੀਅਰ ਬਾਈਪਾਸ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕੇਸ ਦਰਜ ਹੋਣ ਤੋਂ ਬਾਅਦ ਉਹ ਕਰੀਬ 6 ਮਹੀਨਿਆਂ ਤੋਂ ਫਰਾਰ ਚੱਲ ਰਹੇ ਸਨ।
ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਪਟਿਆਲਾ ਦੇ ਸਿਵਲ ਲਾਈਨਸ ਥਾਣੇ ਵਿੱਚ ਰੇਪ, ਧੋਖਾਧੜੀ ਅਤੇ ਧਮਕਾਉਣ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕੀਤੀ ਗਈ ਸੀ। ਮਹਿਲਾ ਵੱਲੋਂ ਦੱਸਿਆ ਗਿਆ ਕਿ ਉਸ ਦੀ ਮੁਲਾਕਾਤ 2013-14 ਵਿੱਚ ਫੇਸਬੁੱਕ ਰਾਹੀਂ ਪਠਾਣਮਾਜਰਾ ਨਾਲ ਹੋਈ ਸੀ। ਉਨ੍ਹਾਂ ਨੇ ਆਪਣੇ ਆਪ ਨੂੰ ਤਲਾਕਸ਼ੁਦਾ ਦੱਸਦੇ ਹੋਏ ਵਿਆਹ ਲਈ ਰਿਸ਼ਤਾ ਲੱਭਣ ਦੀ ਗੱਲ ਕੀਤੀ, ਜਿਸ ਤੋਂ ਬਾਅਦ ਦੋਵਾਂ ਵਿੱਚ ਜਾਣ-ਪਛਾਣ ਵਧੀ ਅਤੇ ਵਿਧਾਇਕ ਨੇ ਵਿਆਹ ਦਾ ਪ੍ਰਸਤਾਵ ਰੱਖਿਆ।
