Saturday, May 23Punjabi People

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿੱਚ ਲੋਕਾਂ ਨਾਲ ਰੂਬਰੂ ਮੁਲਾਕਾਤ ਕੀਤੀ

ਬੁਢਲਾਡਾ/ਮਾਨਸਾ, 26 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿੱਚ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲ ਪੰਜਾਬ ਲਈ ਤਬਦੀਲੀ ਅਤੇ ਤਰੱਕੀ ਦੇ ਪ੍ਰਤੀਕ ਰਹੇ ਹਨ।

ਪਿੰਡ ਜਲਵੇੜਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਬਾਰੇ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਮਹੀਨਾਵਾਰ ਦਿੱਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 90 ਫ਼ੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਹੂਲਤ ਅਤੇ ਵੱਡੇ ਪੱਧਰ ‘ਤੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ। ਇਸ ਦੇ ਨਾਲ ਹੀ ਪਾਰਦਰਸ਼ੀ ਢੰਗ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ‘ਆਮ ਆਦਮੀ ਕਲੀਨਿਕ’ ਸਫਲਤਾਪੂਰਵਕ ਚੱਲ ਰਹੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਮਦਦ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।ਵਿਧਾਇਕ ਨੇ ਖ਼ਾਸ ਤੌਰ ‘ਤੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਿਰਫ਼ ਬਰੇਟਾ ਖੇਤਰ ਵਿੱਚ ਹੀ ਲਗਭਗ 15 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਕਰੀਬ 4 ਕਰੋੜ ਰੁਪਏ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ‘ਤੇ ਖਰਚੇ ਗਏ ਹਨ।

ਇਸ ਤੋਂ ਇਲਾਵਾ ਪੂਰੇ ਹਲਕੇ ਵਿੱਚ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਲਈ 151 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 66 ਸੜਕਾਂ ‘ਤੇ ਕੰਮ ਤੇਜ਼ੀ ਨਾਲ ਜਾਰੀ ਹੈ, ਜਦਕਿ 77 ਹੋਰ ਸੜਕਾਂ ਅਤੇ ਫਿਰਨੀਆਂ ਲਈ 111 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਪਿੰਡ ਦੇ ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ‘ਤੇ ਸੰਤੁਸ਼ਟੀ ਜਤਾਈ।

Leave a Reply

Your email address will not be published. Required fields are marked *