Saturday, May 23Punjabi People

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜੇ ਦਾ ਉਦਘਾਟਨ ਕੀਤਾ ਗਿਆ।

ਤਰਨ ਤਾਰਨ, 30 ਜਨਵਰੀ 2026: ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁੱਕਰਵਾਰ ਨੂੰ ਵਿਸ਼ਵ ਕੁਸ਼ਟ ਰੋਗ ਦਿਵਸ ਦੇ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਵਿੱਚ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਸਿਹਤ ਕਰਮੀਆਂ ਅਤੇ ਵਿਦਿਆਰਥਣਾਂ ਵੱਲੋਂ ਕੁਸ਼ਟ ਰੋਗ ਦੀ ਰੋਕਥਾਮ ਅਤੇ ਰੋਗੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਦੇ ਵਿਰੁੱਧ ਸੌਂਹ ਵੀ ਚੁੱਕੀ ਗਈ।

ਸਮਾਗਮ ਦੌਰਾਨ ਲੈਪਰੋਸੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰਾਘਵ ਗੁਪਤਾ ਅਤੇ ਚਮੜੀ ਰੋਗਾਂ ਦੇ ਮਾਹਿਰ ਡਾ. ਸਤਵਿੰਦਰ ਸਿੰਘ ਵੀ ਹਾਜ਼ਰ ਰਹੇ।

ਇਸ ਦੌਰਾਨ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜਯੋਗ ਹੈ ਅਤੇ ਇਸ ਨਾਲ ਪੀੜਤ ਵਿਅਕਤੀਆਂ ਨਾਲ ਕਿਸੇ ਵੀ ਕਿਸਮ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਦੀ ਰੋਕਥਾਮ ਲਈ ਤਰਨ ਤਾਰਨ ਵਿੱਚ ਵਿਸ਼ੇਸ਼ ਲੈਪਰੋਸੀ ਵਿੰਗ ਸਥਾਪਤ ਕੀਤਾ ਗਿਆ ਹੈ, ਜਿੱਥੇ ਜਾਂਚ ਅਤੇ ਦਵਾਈਆਂ ਬਿਲਕੁਲ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਕੁਸ਼ਟ ਰੋਗ ਦਾ ਮੁਫ਼ਤ ਇਲਾਜ ਉਪਲਬਧ ਹੈ। ਡਾ. ਰਾਏ ਨੇ ਕਿਹਾ ਕਿ ਇਸ ਜਾਗਰੂਕਤਾ ਪੰਦਰਵਾੜੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕੁਸ਼ਟ ਰੋਗ ਦੀ ਰੋਕਥਾਮ ਸਬੰਧੀ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਮਾਸ ਮੀਡੀਆ ਵਿੰਗ ਨੂੰ ਵੀ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਤੱਕ ਕੁਸ਼ਟ ਰੋਗ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਪਹੁੰਚ ਸਕੇ।

ਨੋਡਲ ਅਫ਼ਸਰ ਡਾ. ਰਾਘਵ ਗੁਪਤਾ ਅਤੇ ਚਮੜੀ ਰੋਗ ਵਿਸ਼ੇਸ਼ਗਿਆ ਡਾ. ਸਤਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਚਮੜੀ ‘ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿੱਥੇ ਗਰਮ ਜਾਂ ਠੰਢਾ ਮਹਿਸੂਸ ਨਾ ਹੋਵੇ, ਤਾਂ ਇਹ ਕੁਸ਼ਟ ਰੋਗ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਾਹਿਰ ਕੋਲ ਜਾਂਚ ਕਰਵਾਈ ਜਾਵੇ, ਤਾਂ ਜੋ ਸਮੇਂ ਸਿਰ ਰੋਗ ਦੀ ਪਛਾਣ ਕਰਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਅਪਾਹਜਤਾ ਤੋਂ ਬਚਿਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਲੈਪਰੋਸੀ ਵਿੰਗ ਸੁਪਰਵਾਈਜ਼ਰ ਸ੍ਰੀਮਤੀ ਮਨਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *