
ਚੰਡੀਗੜ੍ਹ, 25 ਅਪ੍ਰੈਲ 2026: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਉਸ ਵੇਲੇ ਦਿੱਤੀ ਗਈ ਜਦੋਂ ਰੰਧਾਵਾ ਨੇ ਵਿਵਾਦਿਤ ਡਾਕੂਮੈਂਟਰੀ/ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦੀ ਰਿਲੀਜ਼ ਦਾ ਵਿਰੋਧ ਕਰਦੇ ਹੋਏ ਇਸ ’ਤੇ ਪਾਬੰਦੀ ਦੀ ਮੰਗ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਧਮਕੀ ਮਿਲਣ ਮਗਰੋਂ ਰੰਧਾਵਾ ਨੇ ਦੋਸ਼ ਲਗਾਇਆ ਕਿ ਗੈਂਗਸਟਰਾਂ ਨੂੰ ਕੇਂਦਰੀ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ। ਉਨ੍ਹਾਂ ਸਵਾਲ ਉਠਾਇਆ ਕਿ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਕੈਦ ਲਾਰੈਂਸ ਬਿਸ਼ਨੋਈ ਅਜੇ ਵੀ ਕਿਵੇਂ ਸਰਗਰਮ ਹੈ ਅਤੇ ਧਮਕੀਆਂ ਦੇ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਵੱਲੋਂ ਖੁੱਲ੍ਹੇਆਮ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ ਵੀ ਗੰਭੀਰ ਦੋਸ਼ ਲਗਾਏ।
ਜਾਣਕਾਰੀ ਮੁਤਾਬਕ, ਰੰਧਾਵਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਖੁਦ ਡੀਜੀਪੀ ਗੌਰਵ ਯਾਦਵ ਨੂੰ ਵੀ ਵਟਸਐਪ ਰਾਹੀਂ ਇਸ ਤਰ੍ਹਾਂ ਦੇ ਧਮਕੀ ਭਰੇ ਸੁਨੇਹੇ ਭੇਜੇ ਗਏ ਹਨ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਗੈਂਗਸਟਰਾਂ ਖ਼ਿਲਾਫ਼ ਲੜਾਈ ਨੂੰ ਅੰਤਿਮ ਮੰਜਿਲ ਤੱਕ ਲੈ ਕੇ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਭਾਰਤ ਸਰਕਾਰ ਨੇ ਇਸ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ ਅਤੇ ‘ਗੈਂਗਸਟਰ ਮੁਕਤ ਪੰਜਾਬ’ ਉਨ੍ਹਾਂ ਦੀ ਪਾਰਟੀ ਦੀ ਮੁੱਖ ਤਰਜੀਹ ਰਹੇਗੀ।
