Saturday, May 23Punjabi People

ਪੀ.ਏ.ਯੂ.ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੇ ਸਫਲ ਅਮਲ ਬਾਰੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ

ਸ੍ਰੀ ਮੁਕਤਸਰ ਸਾਹਿਬ, 6 ਮਾਰਚ 2026: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਖੇਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਕਰੀਬ 120 ਕਿਸਾਨਾਂ ਨੇ ਹਿੱਸਾ ਲਿਆ ਅਤੇ ਖੇਤੀ ਨਾਲ ਜੁੜੀਆਂ ਨਵੀਆਂ ਤਕਨੀਕਾਂ ਬਾਰੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਕੇ.ਵੀ.ਕੇ. ਦੇ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜਾਂ ਦੀ ਉਪਲਬਧਤਾ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪ੍ਰਸਾਰ ਲਈ ਕਈ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਪਰਿਵਾਰਕ ਸਿਹਤ ਅਤੇ ਪੋਸ਼ਣ ਸੁਧਾਰ ਲਈ ਫਲਾਂ ਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲ ਅਪਣਾਉਣ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਡਾ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਢੰਗ ਨਾਲ ਵਰਤੋਂ ਨਾਲ ਇਸ ਸਾਲ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਦੌਰਾਨ ਕਿਸਾਨਾਂ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਘੱਟ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਜਾਂ ਦੀ ਘੱਟ ਅੰਕੁਰਣ ਅਤੇ ਗੁਲਾਬੀ ਸੁੰਡੀ ਵਰਗੀਆਂ ਸਮੱਸਿਆਵਾਂ ਆਮ ਸਨ, ਪਰ ਇਸ ਵਾਰ ਪਰਾਲੀ ਪ੍ਰਬੰਧਨ ਦੀਆਂ ਸਿਫ਼ਾਰਸ਼ਾਂ ਅਪਣਾਉਣ ਨਾਲ ਇਹ ਸਮੱਸਿਆਵਾਂ ਕਾਫੀ ਹੱਦ ਤੱਕ ਘਟੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ, ਨਮੀ ਨੂੰ ਬਰਕਰਾਰ ਰੱਖਣ ਅਤੇ ਨਦੀਨ ਕੰਟਰੋਲ ਵਿੱਚ ਮਦਦਗਾਰ ਸਾਬਤ ਹੁੰਦਾ ਹੈ, ਜਿਸ ਨਾਲ ਫਸਲ ਦੀ ਪੈਦਾਵਾਰ ਵਿੱਚ ਵੀ ਵਾਧਾ ਹੁੰਦਾ ਹੈ।

ਇਸ ਦੌਰਾਨ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਵਿਵੇਕ ਸ਼ਰਮਾ ਨੇ ਆਉਣ ਵਾਲੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡੇਅਰੀ ਪਸ਼ੂਆਂ ਦੀ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਬਣਾਈ ਰੱਖਣ ਲਈ ਉੱਚ ਗੁਣਵੱਤਾ ਵਾਲੇ ਚਾਰੇ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਸ਼ੂਆਂ ਵਿੱਚ ਆਮ ਬਿਮਾਰੀਆਂ ਦੇ ਲੱਛਣ, ਰੋਕਥਾਮ ਅਤੇ ਇਲਾਜ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ।

ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤੀਬਾੜੀ ਤੇ ਪਸ਼ੂਪਾਲਨ ਨਾਲ ਸੰਬੰਧਿਤ ਆਪਣੇ ਸਵਾਲਾਂ ਦੇ ਜਵਾਬ ਵਿਗਿਆਨੀਆਂ ਤੋਂ ਪ੍ਰਾਪਤ ਕੀਤੇ। ਇਸ ਮੌਕੇ ਕਿਸਾਨਾਂ ਨੂੰ ਘਰੇਲੂ ਬਗ਼ੀਚੀ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੀਆਂ ਬੀਜ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਘਰੇਲੂ ਪੱਧਰ ‘ਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ।

Leave a Reply

Your email address will not be published. Required fields are marked *