
ਚੰਡੀਗੜ੍ਹ, 8 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਵਰ੍ਹੇ 2026-27 ਲਈ ਪੇਸ਼ ਕੀਤੇ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਜਟ ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵੱਲ ਸਰਕਾਰ ਦੀ ਪੱਕੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ, ਜੋ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੱਡੀ ਅਲਾਟਮੈਂਟ ਖੇਤੀਬਾੜੀ ਦੇ ਟਿਕਾਊ ਵਿਕਾਸ ਨੂੰ ਮਜ਼ਬੂਤ ਕਰਨ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਭਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।
ਪਾਣੀ ਸੰਭਾਲ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਸਕੀਮ ਦੀ ਸਫਲਤਾ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਘਾਟ ਅਤੇ ਭੂਗਰਭੀ ਪਾਣੀ ਦੇ ਘਟਦੇ ਪੱਧਰ ਵਰਗੀਆਂ ਚੁਣੌਤੀਆਂ ਦਾ ਹੱਲ ਲੱਭਣ ਲਈ ਕਿਸਾਨਾਂ ਨੂੰ ਡੀਐਸਆਰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ 35 ਕਰੋੜ ਰੁਪਏ ਖਰਚੇ ਗਏ ਸਨ ਅਤੇ 2026-27 ਲਈ ਇਸ ਮਕਸਦ ਵਾਸਤੇ 40 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਉਨ੍ਹਾਂ ਛੇ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਸੰਗਰੂਰ, ਜਲੰਧਰ ਅਤੇ ਕਪੂਰਥਲਾ—ਵਿੱਚ ਝੋਨੇ ਦੀ ਥਾਂ ਸਾਉਣੀ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਚਲਾਏ ਜਾ ਰਹੇ ਪਾਇਲਟ ਪ੍ਰੋਜੈਕਟ ‘ਤੇ ਵੀ ਸੰਤੁਸ਼ਟੀ ਜਤਾਈ। ਉਨ੍ਹਾਂ ਕਿਹਾ ਕਿ 17,500 ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸ਼ੀ ਅਤੇ 2026-27 ਲਈ 15 ਕਰੋੜ ਰੁਪਏ ਦੀ ਵਿਸ਼ੇਸ਼ ਅਲਾਟਮੈਂਟ ਨਾਲ ਸਰਕਾਰ ਫਸਲੀ ਚੱਕਰ ਵਿੱਚ ਬਦਲਾਅ ਲਈ ਮਜ਼ਬੂਤ ਮਾਡਲ ਤਿਆਰ ਕਰ ਰਹੀ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀਏਯੂ ਵੱਲੋਂ ਸਿਫਾਰਸ਼ ਕੀਤੇ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਮਦਦ ਮਿਲ ਰਹੀ ਹੈ ਅਤੇ ਨਰਮੇ ਦੀ ਕਾਸ਼ਤ ਵਿੱਚ ਆਈ ਕਮੀ ਨੂੰ ਵੀ ਰੋਕਣ ਵਿੱਚ ਮਦਦ ਮਿਲੀ ਹੈ।
ਪਰਾਲੀ ਸਾੜਨ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਦੇ ਰੂਪ ਵਿੱਚ 402 ਕਰੋੜ ਰੁਪਏ ਖਰਚੇ ਗਏ ਸਨ ਅਤੇ 2026-27 ਲਈ ਇਸ ਮੰਤਵ ਵਾਸਤੇ 600 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਤਾਂ ਜੋ ਇਸ ਵਾਤਾਵਰਣੀ ਚੁਣੌਤੀ ਦਾ ਟਿਕਾਊ ਹੱਲ ਲੱਭਿਆ ਜਾ ਸਕੇ।
ਸ. ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਲਈ ਬਿਜਲੀ ਸਬਸਿਡੀ ਦੇ ਤੌਰ ‘ਤੇ 7,715 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਮੁਫ਼ਤ ਬਿਜਲੀ ਦੀ ਸਹੂਲਤ ਅੱਗੇ ਵੀ ਜਾਰੀ ਰਹੇਗੀ, ਜਿਸ ਨਾਲ ਉਤਪਾਦਕਤਾ ਨੂੰ ਬਣਾਈ ਰੱਖਣ ਵਿੱਚ ਮਦਦ ਮਿਲੇਗੀ।
ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਹਾਇਕ ਖੇਤਰਾਂ ‘ਤੇ ਵੀ ਖਾਸ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਡੇਅਰੀ ਕਿਸਾਨਾਂ ਲਈ ਦੁੱਧ ਦੀਆਂ ਵਾਜਬ ਖਰੀਦ ਕੀਮਤਾਂ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਾਜ਼ਾਰ ਦੇ ਉਤਾਰ-ਚੜ੍ਹਾਅ ਤੋਂ ਬਚਾਉਣ ਲਈ 100 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ, ਜੋ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਲਾਭਕਾਰੀ ਸਾਬਤ ਹੋਵੇਗਾ।
ਉਨ੍ਹਾਂ ਮੱਛੀ ਪਾਲਣ ਖੇਤਰ ਵਿੱਚ ਹੋ ਰਹੇ ਵਿਸਥਾਰ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ 1,500 ਲੱਖ ਤੋਂ ਵੱਧ ਮਿਆਰੀ ਮੱਛੀ ਬੀਜ ਦੇ ਉਤਪਾਦਨ ਅਤੇ ਲਗਭਗ 3,000 ਏਕੜ ਰਕਬੇ ਤੱਕ ਮੱਛੀ ਪਾਲਣ ਦੇ ਫੈਲਾਅ ਨਾਲ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋ ਰਹੇ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਜਟ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਸ ਵਿਜ਼ਨ ਨੂੰ ਦਰਸਾਉਂਦਾ ਹੈ, ਜਿਸ ਵਿੱਚ ਕਿਸਾਨਾਂ ਨੂੰ ਸਿਰਫ਼ ਅੰਨ ਉਤਪਾਦਕ ਨਹੀਂ, ਸਗੋਂ ਸ਼ਾਸਨ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਫੰਡਾਂ ਦੀ ਵੰਡ ਨਹੀਂ, ਸਗੋਂ ਪੰਜਾਬ ਦੀ ਖੇਤੀ ਆਰਥਿਕਤਾ ਦੇ ਭਵਿੱਖ ਨੂੰ ਮਜ਼ਬੂਤ ਕਰਨ ਅਤੇ ਅੰਨਦਾਤਾ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹੈ।
