
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਵਿਚਾਰ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਬਜਟ ਸੂਬੇ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮੂਹਿਕ ਵਿਕਾਸ ਨੂੰ ਵੀ ਅੱਗੇ ਵਧਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਖਾਸ ਤੌਰ ‘ਤੇ ਆਮ ਲੋਕਾਂ, ਗਰੀਬ ਅਤੇ ਮਜ਼ਦੂਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਹਰ ਖੇਤਰ ਵਿੱਚ ਤਰੱਕੀ ਨੂੰ ਧਿਆਨ ਵਿੱਚ ਰੱਖਦਾ ਹੈ। ਮੰਤਰੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ।
ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੇ ਨਾਲ-ਨਾਲ ਬਾਗਬਾਨੀ ਖੇਤਰ ਦੀ ਵੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਾਗਬਾਨੀ ਖੇਤਰ ਦੇ ਵਿਕਾਸ ਲਈ ਲਗਭਗ 1300 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਇਸ ਖੇਤਰ ਨੂੰ ਵੱਡਾ ਉਤਸ਼ਾਹ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਮਹੱਤਵਪੂਰਨ ਅਤੇ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਲੋਕਾਂ ਨੂੰ ਮੁਫ਼ਤ ਅਤੇ ਉੱਚ ਦਰਜੇ ਦੀ ਸਿਹਤ ਸੇਵਾ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਮਾਹਰ ਡਾਕਟਰਾਂ ਦੀ ਸਹੂਲਤ ਮਿਲ ਰਹੀ ਹੈ।
ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਅਤੇ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਜਟ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਤੇਜ਼ੀ ਦੇਵੇਗਾ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਏਗਾ।
