
ਚੰਡੀਗੜ੍ਹ, 10 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ 537 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਦੇ ਮਕਸਦ ਨਾਲ ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ।
ਮੁਹਿੰਮ ਦੇ 110ਵੇਂ ਦਿਨ ਦੌਰਾਨ ਪੁਲਿਸ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,098 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ, 94 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 28 ਵਿਅਕਤੀਆਂ ਨੂੰ ਪੁੱਛਗਿੱਛ ਅਤੇ ਜਾਂਚ ਮਗਰੋਂ ਰਿਹਾਅ ਕਰ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਨੇ 11 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਇਸੇ ਦੌਰਾਨ, ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 435ਵੇਂ ਦਿਨ ਵੀ ਪੰਜਾਬ ਪੁਲਿਸ ਨੇ ਕਾਰਵਾਈ ਜਾਰੀ ਰੱਖਦਿਆਂ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿਚੋਂ 7.8 ਕਿਲੋਗ੍ਰਾਮ ਹੈਰੋਇਨ, 581 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਕਾਰਵਾਈ ਨਾਲ ਪਿਛਲੇ 434 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 63,385 ਤੱਕ ਪਹੁੰਚ ਗਈ ਹੈ।
ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਡੀ-ਐਡੀਕਸ਼ਨ ਅਤੇ ਰਿਹੈਬਿਲੀਟੇਸ਼ਨ ਇਲਾਜ ਲਈ ਤਿਆਰ ਵੀ ਕੀਤਾ।
