
ਚੰਡੀਗੜ੍ਹ, 17 ਮਈ 2026: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 573 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਦੱਸਣਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾ ਰਹੀਆਂ ਹਨ।
ਪੁਲਿਸ ਅਨੁਸਾਰ, 117ਵੇਂ ਦਿਨ ਦੀ ਕਾਰਵਾਈ ਦੌਰਾਨ 279 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 29,979 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 143 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 13 ਵਿਅਕਤੀਆਂ ਨੂੰ ਪੁੱਛਗਿੱਛ ਅਤੇ ਜਾਂਚ ਮਗਰੋਂ ਛੱਡ ਦਿੱਤਾ ਗਿਆ। ਪੁਲਿਸ ਨੇ ਇਸ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋੜੀਂਦੇ ਅਪਰਾਧੀਆਂ ਜਾਂ ਗੈਂਗਸਟਰਾਂ ਬਾਰੇ ਕੋਈ ਵੀ ਜਾਣਕਾਰੀ ਜਾਂ ਸੂਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤਰੀਕੇ ਨਾਲ ਸਾਂਝੀ ਕੀਤੀ ਜਾ ਸਕਦੀ ਹੈ। ਇਸ ਨੰਬਰ ਰਾਹੀਂ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਜਾਣਕਾਰੀ ਦੇ ਕੇ ਪੁਲਿਸ ਦੀ ਮਦਦ ਕੀਤੀ ਜਾ ਸਕਦੀ ਹੈ।
