
ਚੰਡੀਗੜ੍ਹ, 6 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ 322 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਕਾਰਵਾਈਆਂ ਜਾਰੀ ਹਨ।
ਮੁਹਿੰਮ ਦੇ 76ਵੇਂ ਦਿਨ 133 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 19,248 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 43 ਵਿਅਕਤੀਆਂ ਵਿਰੁੱਧ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 46 ਨੂੰ ਪੁੱਛਗਿੱਛ ਮਗਰੋਂ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਨੇ 2 ਭਗੌੜੇ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ।
ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਚਨਾ ਦੇ ਸਕਦੇ ਹਨ।
ਇਸੇ ਦੌਰਾਨ, ਨਸ਼ਿਆਂ ਵਿਰੁੱਧ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 401ਵੇਂ ਦਿਨ ਪੁਲਿਸ ਨੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 265 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 581 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.54 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ 401 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 57,321 ਹੋ ਗਈ ਹੈ।
ਨਸ਼ਾ ਛੁਡਾਊ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ।
