
ਚੰਡੀਗੜ੍ਹ, 11 ਮਈ 2026: ਪੰਜਾਬ ਅਤੇ ਹਰਿਆਣਾ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 11 ਮਈ ਤੋਂ 14 ਮਈ ਤੱਕ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਸੋਮਵਾਰ ਰਾਤ ਅਤੇ ਮੰਗਲਵਾਰ ਨੂੰ ਤੂਫ਼ਾਨ ਦਾ ਖ਼ਤਰਾ ਸਭ ਤੋਂ ਵੱਧ ਰਹੇਗਾ।
IMD ਨੇ 11 ਮਈ ਲਈ ਔਰੇਂਜ ਅਲਰਟ ਅਤੇ 12 ਤੋਂ 14 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੋਂ ਹਾਲਾਤ ਵਿੱਚ ਕੁਝ ਸੁਧਾਰ ਹੋ ਸਕਦਾ ਹੈ, ਹਾਲਾਂਕਿ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗਾ। ਸ਼ੁੱਕਰਵਾਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਪੱਛਮੀ ਵਿਗਾੜ ਦੇ ਪ੍ਰਭਾਵ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਦੇਰ ਰਾਤ ਅਤੇ ਤੜਕੇ ਤੇਜ਼ ਹਨੇਰੀ ਅਤੇ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ। ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਹਵਾਵਾਂ ਦੀ ਰਫ਼ਤਾਰ 80 ਤੋਂ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਦਰਜ ਕੀਤੀ ਗਈ, ਜਿਸ ਕਾਰਨ ਕਈ ਥਾਵਾਂ ‘ਤੇ ਬਿਜਲੀ ਦੇ ਖੰਭੇ ਡਿੱਗ ਗਏ ਅਤੇ ਬਿਜਲੀ ਸਪਲਾਈ ਠੱਪ ਹੋ ਗਈ।
ਤੇਜ਼ ਹਵਾਵਾਂ ਕਾਰਨ ਕਈ ਸੜਕਾਂ ‘ਤੇ ਦਰੱਖਤ ਵੀ ਡਿੱਗ ਗਏ। ਇਸ ਤੋਂ ਬਾਅਦ ਪੰਜਾਬ ਦੇ ਕਰੀਬ ਇੱਕ ਦਰਜਨ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਹਲਕੀ ਗਿਰਾਵਟ ਦਰਜ ਕੀਤੀ ਗਈ।
ਮੌਸਮ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਚਾਰ ਦਿਨਾਂ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਖਰਾਬ ਰਹਿ ਸਕਦਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
