Wednesday, July 29Punjabi People

ਐਸ.ਡੀ.ਓ. 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 2 ਅਪ੍ਰੈਲ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਬ-ਡਿਵੀਜ਼ਨ ਕੁੱਪ ਕਲਾਂ, ਜ਼ਿਲ੍ਹਾ ਮਲੇਰਕੋਟਲਾ ਵਿੱਚ ਤਾਇਨਾਤ ਉਪ-ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਭੋਗੀਵਾਲ, ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਬੁਲਾਰੇ ਮੁਤਾਬਕ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਦੌਰਾਨ ਦਾਅਵਾ ਕੀਤਾ ਕਿ ਉਥੇ ਗੈਰ-ਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਉਨ੍ਹਾਂ ਮੀਟਰਾਂ ਨੂੰ ਚੱਲਦੇ ਰਹਿਣ ਦੇ ਬਦਲੇ ਉਸ ਨੇ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਵੱਲੋਂ ਇਸ ਮੰਗ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਲ ਬਿਛਾ ਕੇ ਦੋਸ਼ੀ ਅਧਿਕਾਰੀ ਨੂੰ 10,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਮਾਮਲੇ ਵਿੱਚ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *