
ਅੰਮ੍ਰਿਤਸਰ, 17 ਮਾਰਚ 2026: ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਕੇ ਬਣਾਈਆਂ ਜਾ ਰਹੀਆਂ ਵੀਡੀਓਜ਼ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦੇ ਵਧ ਰਹੇ ਮਾਮਲਿਆਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਚਿੰਤਾ ਜਤਾਈ ਹੈ। ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ‘ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਖਾਤਿਆਂ ਅਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਏਆਈ ਤਕਨੀਕ ਦੀ ਗਲਤ ਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰਾ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਇਸ ਮਸਲੇ ਨੂੰ ਬੜੀ ਸੰਵੇਦਨਸ਼ੀਲਤਾ ਨਾਲ ਲੈ ਰਹੀ ਹੈ ਅਤੇ ਇਸਨੂੰ ਰੋਕਣ ਲਈ ਏਆਈ ਖੇਤਰ ਦੇ ਵਿਸ਼ੇਸ਼ਗਿਆਨਾਂ ਨਾਲ ਮਿਲ ਕੇ ਉਪਰਾਲੇ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ, ਜਿੱਥੋਂ ਸਮੂਹ ਮਨੁੱਖਤਾ ਨੂੰ ਸਾਂਝੀਵਾਲਤਾ ਅਤੇ ਭਾਈਚਾਰੇ ਦਾ ਸੰਦੇਸ਼ ਮਿਲਦਾ ਹੈ। ਕੁਝ ਲੋਕਾਂ ਵੱਲੋਂ ਇਸ ਪਵਿੱਤਰ ਅਸਥਾਨ ਦੀ ਗਲਤ ਤਰੀਕੇ ਨਾਲ ਵੀਡੀਓ ਤਿਆਰ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ, ਜੋ ਕਤਈ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਇਸਨੂੰ ਬਹੁਤ ਹੀ ਗੰਭੀਰ ਮਾਮਲਾ ਦੱਸਦਿਆਂ ਸਰਕਾਰ ਨੂੰ ਵੀ ਇਸ ਵੱਲ ਧਿਆਨ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕਰੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀ ਕਿਸੇ ਵੀ ਅਪਮਾਨਜਨਕ ਸਮੱਗਰੀ ਨੂੰ ਅੱਗੇ ਸਾਂਝਾ ਕਰਨ ਤੋਂ ਗੁਰੇਜ਼ ਕੀਤਾ ਜਾਵੇ, ਤਾਂ ਜੋ ਧਾਰਮਿਕ ਭਾਵਨਾਵਾਂ ਦੀ ਰੱਖਿਆ ਕੀਤੀ ਜਾ ਸਕੇ।
