Saturday, May 23Punjabi People

ਦਿਵਿਆਂਗ ਲੋਕਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਲਾਂ ਦੇ ਸਮਾਧਾਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ — ਡਾ. ਬਲਜੀਤ ਕੌਰ

ਚੰਡੀਗੜ੍ਹ, 30 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਵੱਲ ਵੀ ਖ਼ਾਸ ਧਿਆਨ ਦੇ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਉਨ੍ਹਾਂ ਕਿਹਾ ਕਿ ਸਰਕਾਰ ਦਿਵਿਆਂਗ ਲੋਕਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਕਟਿਬੱਧ ਹੈ।

ਪੰਜਾਬ ਭਵਨ, ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਸੂਬੇ ਦੇ ਸਮਾਜਿਕ ਭਲਾਈ ਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਜਿੱਥੇ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਸੇਵਾਵਾਂ ਦੇ ਰਹੇ ਹਨ, ਉੱਥੇ ਹੀ ਦਿਵਿਆਂਗ ਵਿਅਕਤੀਆਂ ਦਾ ਸਸ਼ਕਤੀਕਰਨ ਵੀ ਸਰਕਾਰ ਦੀ ਮੁੱਖ ਤਰਜੀਹ ਹੈ।

ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਵਿਭਾਗ ਅਤੇ ਯੂਨੀਅਨਾਂ ਵਿਚਕਾਰ ਸਰਗਰਮ ਚਰਚਾ ਹੋਈ। ਉਨ੍ਹਾਂ ਕਿਹਾ ਕਿ ਜਿਹੜੇ ਮਸਲੇ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੇ ਹਨ, ਉਨ੍ਹਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ, ਜਦਕਿ ਹੋਰ ਮਸਲਿਆਂ ਨੂੰ ਸਰਕਾਰ ਪੱਧਰ ‘ਤੇ ਉਠਾ ਕੇ ਜਲਦੀ ਹੱਲ ਕਰਨ ਲਈ ਕਦਮ ਚੁੱਕੇ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਕੇਂਦਰਿਤ ਦ੍ਰਿਸ਼ਟੀਕੋਣ ਨਾਲ ਕਲਿਆਣਕਾਰੀ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਦਿਵਿਆਂਗ ਵਿਅਕਤੀਆਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਭਲਾਈ ਲਈ ਹੋਰ ਮਜ਼ਬੂਤ ਕਦਮ ਚੁੱਕੇ ਜਾਣਗੇ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰਾਂ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *