
ਚੰਡੀਗੜ੍ਹ, 1 ਮਈ 2026: ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ, ਜਿਸ ਦੌਰਾਨ ਮੁੱਖ ਮੰਤਰੀ Bhagwant Mann ਨੇ ਮਜ਼ਦੂਰ ਵਰਗ ਲਈ ਵੱਡਾ ਐਲਾਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਘੱਟੋ-ਘੱਟ ਮਜ਼ਦੂਰੀ ਵਿੱਚ 15 ਫੀਸਦੀ ਵਾਧੇ ਦਾ ਪ੍ਰਸਤਾਵ ਪੇਸ਼ ਕੀਤਾ, ਜਿਸਨੂੰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸਰਕਾਰੀ ਅਤੇ ਗੈਰ-ਸਰਕਾਰੀ ਦੋਵੇਂ ਖੇਤਰਾਂ ਦੇ ਮਜ਼ਦੂਰਾਂ ‘ਤੇ ਲਾਗੂ ਹੋਵੇਗਾ ਅਤੇ ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਲਈ ਇਕ ਵਿਸ਼ੇਸ਼ ਤੋਹਫ਼ਾ ਹੈ। ਉਨ੍ਹਾਂ ਦੱਸਿਆ ਕਿ ਸਾਲ 2013 ਤੋਂ ਬਾਅਦ ਆਈਆਂ ਸਰਕਾਰਾਂ ਵੱਲੋਂ ਘੱਟੋ-ਘੱਟ ਉਜਰਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
ਇਸ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਵੀ ਹਲਚਲ ਰਹੀ, ਕਿਉਂਕਿ ਛੇ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਲਿਆਂਦਾ ਗਿਆ। ਇਸਨੂੰ ਪਾਰਟੀ ਦੇ 94 ਵਿਧਾਇਕਾਂ ਦੀ ਇਕਜੁੱਟਤਾ ਅਤੇ ਸਮਰਥਨ ਦੀ ਪਰਖ ਵਜੋਂ ਵੇਖਿਆ ਜਾ ਰਿਹਾ ਹੈ।
ਦੁਪਹਿਰ 3 ਵਜੇ ਜਦੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਾਲੇ ਤਿੱਖੀ ਨਾਅਰੇਬਾਜ਼ੀ ਹੋਈ। ਹੰਗਾਮੇ ਕਾਰਨ ਸਪੀਕਰ ਨੂੰ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰਨੀ ਪਈ। ਬਾਅਦ ਵਿੱਚ ਕਾਰਵਾਈ ਦੁਬਾਰਾ ਸ਼ੁਰੂ ਹੋਈ ਅਤੇ ਮੁੱਖ ਮੰਤਰੀ ਨੇ ਸਦਨ ਨੂੰ ਸੰਬੋਧਨ ਕੀਤਾ।
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ Partap Singh Bajwa ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਾਰ-ਵਾਰ ਵਿਸ਼ੇਸ਼ ਇਜਲਾਸ ਬੁਲਾਏ ਜਾ ਰਹੇ ਹਨ, ਪਰ ਉਨ੍ਹਾਂ ਵਿੱਚ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਹੋਏ ਅੱਠ ਸੈਸ਼ਨਾਂ ਵਿੱਚ ਨਾ ਤਾਂ ਪ੍ਰਸ਼ਨ ਕਾਲ ਹੋਇਆ ਹੈ ਅਤੇ ਨਾ ਹੀ ਜ਼ੀਰੋ ਆਵਰ ਲਈ ਸਮਾਂ ਦਿੱਤਾ ਗਿਆ, ਜਿਸ ਕਾਰਨ ਵਿਧਾਇਕਾਂ ਨੂੰ ਲੋਕ ਮੁੱਦੇ ਚੁੱਕਣ ਦਾ ਮੌਕਾ ਨਹੀਂ ਮਿਲ ਰਿਹਾ।
