
ਚੰਡੀਗੜ੍ਹ, 3 ਮਾਰਚ 20206: ਦਿੱਲੀ ਕਿਸਾਨ ਅੰਦੋਲਨ 2020-21 ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 350 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ’ਤੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪਹੁੰਚ ਕੇ ਧੰਨਵਾਦ ਕੀਤਾ।
ਜ਼ਿਲ੍ਹਾ ਮਾਨਸਾ ਨਾਲ ਸੰਬੰਧਿਤ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤਖੋਰੀ ਜਾਂ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਭਾਵੁਕ ਹੋ ਕੇ ਦੱਸਿਆ ਕਿ ਸਰਕਾਰ ਨੇ ਸ਼ਹੀਦ ਪਰਿਵਾਰਾਂ ਦੇ ਸੁੰਨੇ ਪਏ ਘਰਾਂ ਵਿੱਚ ਦੁਬਾਰਾ ਉਮੀਦ ਦੀ ਲੌ ਜਗਾਈ ਹੈ ਅਤੇ ਅਸਲੀ ਹਮਦਰਦੀ ਦਿਖਾਈ ਹੈ।
ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਮੋਰਚੇ ’ਤੇ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਨ੍ਹਾਂ ਕੇਸਾਂ ਨੂੰ ਨੌਕਰੀ ਲਈ ਮਨਜ਼ੂਰੀ ਮਿਲ ਚੁੱਕੀ ਹੈ, ਉਹ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣਗੇ।
ਮੀਟਿੰਗ ਦੌਰਾਨ ਬਲਵੀਰ ਭੱਠਲ ਨੇ ਸ਼ਹੀਦ ਪਰਿਵਾਰਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਦਾ ਮੁੱਦਾ ਚੁੱਕਿਆ, ਜਿਸ ’ਤੇ ਕੈਬਨਿਟ ਮੰਤਰੀ ਨੇ ਹਰ ਮੰਗ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਗਿਆਨ ਸਿੰਘ ਦੋਦੜਾ, ਇੰਦਰਜੀਤ ਸਿੰਘ ਸਿਵੀਆਂ, ਲੱਖਾ ਸਿੰਘ, ਬਾਦਲ ਸਿੰਘ ਅਤੇ ਇੰਦਰਜੀਤ ਸਰਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
