
ਚੰਡੀਗੜ੍ਹ, 16 ਜਨਵਰੀ 2026: ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਵਿੱਚ ਤਾਇਨਾਤ ਕਲਰਕ ਪਰਵੀਨ ਕੁਮਾਰ ਅਤੇ ਉਸ ਦੇ ਸਹਿ-ਆਰੋਪੀ ਜੂਨੀਅਰ ਇੰਜੀਨੀਅਰ ਸਤੀਸ਼ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਦੀ ਪੂਰੀ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਦੋਵਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਹਰ ਇੱਕ ਨੂੰ ਚਾਰ-ਚਾਰ ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਲਰਕ ਅਤੇ ਜੂਨੀਅਰ ਇੰਜੀਨੀਅਰ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜਾਇਦਾਦ ਦੀ ਸੇਲ ਡੀਡ ਰਜਿਸਟ੍ਰੇਸ਼ਨ ਦੇ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਰਕਮ ਕਿਸ਼ਤਾਂ ਵਿੱਚ ਦਿੱਤੀ ਗਈ ਸੀ ਅਤੇ ਆਖਰੀ ਕਿਸ਼ਤ ਦੇਣ ਤੋਂ ਪਹਿਲਾਂ ਉਸ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਦਫ਼ਤਰ ਵਿੱਚ ਛਾਪਾ ਮਾਰਿਆ। ਛਾਪੇ ਦੌਰਾਨ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਪਰਵੀਨ ਕੁਮਾਰ ਦੇ ਕਬਜ਼ੇ ਵਿੱਚੋਂ 7,500 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
