
ਚੰਡੀਗੜ੍ਹ, 10 ਅਪ੍ਰੈਲ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖੀ ਅਤੇ ਬਾਲ-ਮਿੱਤਰ ਪਹਿਲ ਕੀਤੀ ਹੈ। ਬੱਚਿਆਂ ਲਈ ਸੰਚਾਰ ਨੂੰ ਆਸਾਨ ਬਣਾਉਣ ਅਤੇ ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨ ਦੇ ਮਕਸਦ ਨਾਲ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕਾਂ ਨੂੰ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਮੁਸ਼ਕਲਾਂ ਪ੍ਰਗਟ ਕਰਨ ਵਿੱਚ ਦਿੱਕਤ ਆਉਂਦੀ ਹੈ, ਜਿਸ ਨਾਲ ਉਨ੍ਹਾਂ ਦੀ ਦੇਖਭਾਲ ਅਤੇ ਪੁਨਰਵਾਸ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਵੈਲਫੇਅਰ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਸੁਗਮ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਸਹਿਜ ਅਤੇ ਅਨੁਕੂਲ ਮਾਹੌਲ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਉਨ੍ਹਾਂ ਨੂੰ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਕਰਨਗੇ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਰਫ਼ ਬੱਚਿਆਂ ਦੀ ਸੁਰੱਖਿਆ ਤੱਕ ਸੀਮਿਤ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਉਚਿਤ ਮਾਹੌਲ ਮੁਹੱਈਆ ਕਰਵਾਉਣਾ ਵੀ ਹੈ। ਇਹ ਪਹਿਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਮਦਦਗਾਰ ਸਾਬਤ ਹੋਵੇਗੀ।
ਮੰਤਰੀ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਅਜਿਹੀਆਂ ਮਨੁੱਖਤਾ-ਪੂਰਣ ਪਹਿਲਾਂ ਜਾਰੀ ਰਹਿਣਗੀਆਂ।
