
ਮੁਹਾਲੀ, 12 ਮਾਰਚ 2026: ਖਾੜੀ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਘਾਟ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕ ਰਹੀ ਹੈ ਕਿ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਪ੍ਰਾਪਤੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਜਮ੍ਹਾਖੋਰੀ, ਕ੍ਰਿਤ੍ਰਿਮ ਕਮੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕਰੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਬਣੀ ਸਥਿਤੀ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਲੋਕਾਂ ਵਿੱਚ ਬੇਵਜ੍ਹਾ ਚਿੰਤਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ, “ਐਲਪੀਜੀ ਸਿਲੰਡਰਾਂ ਦੀ ਕਮੀ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਚੇਤ ਹੈ ਅਤੇ ਹਾਲਾਤਾਂ ‘ਤੇ ਨੇੜੇ ਤੋਂ ਨਿਗਰਾਨੀ ਰੱਖੀ ਜਾ ਰਹੀ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਯਕੀਨੀ ਬਣਾਉਣ ਕਿ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
”ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮੌਜੂਦਾ ਸਥਿਤੀ ਦਾ ਗਲਤ ਫਾਇਦਾ ਚੁੱਕਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਕਰਦਾ ਹੈ ਜਾਂ ਕਮੀ ਬਾਰੇ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਹੋਰ ਕਿਹਾ ਕਿ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਨਿਰਧਾਰਤ ਕੀਮਤ ਤੋਂ ਵੱਧ ਰਕਮ ਵਸੂਲਣਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਕਾਰੀਆਂ ਨੂੰ ਬਾਜ਼ਾਰ ਦੀ ਨਿਗਰਾਨੀ ਤੇਜ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ, “ਜੇਕਰ ਕੋਈ ਵੀ ਵਿਅਕਤੀ ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦਾ ਜਾਂ ਵੱਧ ਕੀਮਤ ਵਸੂਲਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।
”ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਐਲਪੀਜੀ ਦੀ ਯਥੋਚਿਤ ਸਪਲਾਈ ਯਕੀਨੀ ਬਣਾਉਣ ਲਈ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਜ਼ਰੂਰੀ ਵਸਤਾਂ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
