Wednesday, July 29Punjabi People

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਹੀ ਦੂਰ ਹੋਵੇਗੀ ਅਸਮਾਨਤਾ : ਮਨੀਸ਼ ਸਿਸੋਦੀਆ

ਚੰਡੀਗੜ੍ਹ / ਲੁਧਿਆਣਾ, 18 ਮਈ 2026: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੋਮਵਾਰ ਨੂੰ CT University ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਨੌਜਵਾਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਸਮਾਜਿਕ ਸਮਾਨਤਾ ਦਾ ਸੰਦੇਸ਼ ਫੈਲਾਉਣ ’ਤੇ ਜ਼ੋਰ ਦਿੱਤਾ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ Manish Sisodia ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਂਦੇ ਹੋਏ ਸਮਾਜ ਵਿਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਅਜੇ ਵੀ ਸਿੱਖਿਆ, ਆਰਥਿਕਤਾ ਅਤੇ ਸਮਾਜਿਕ ਢਾਂਚੇ ਵਿੱਚ ਅਸਮਾਨਤਾ ਮੌਜੂਦ ਹੈ। ਉਨ੍ਹਾਂ ਆਰਥਿਕ ਅਸਮਾਨਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਦੀ ਵੱਡੀ ਦੌਲਤ ਕੁਝ ਗਿਣਤੀ ਦੇ ਲੋਕਾਂ ਦੇ ਹੱਥਾਂ ਵਿੱਚ ਕੇਂਦਰਿਤ ਹੈ, ਜਦਕਿ ਵੱਡੀ ਆਬਾਦੀ ਕੋਲ ਸੀਮਿਤ ਸਰੋਤ ਹਨ। ਉਨ੍ਹਾਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਭਵਿੱਖ ਦੀਆਂ ਚੁਣੌਤੀਆਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਾਸਤੇ ਮਜ਼ਬੂਤ ਅਤੇ ਸਮਾਨ ਸਿੱਖਿਆ ਪ੍ਰਣਾਲੀ ਲਾਜ਼ਮੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਤਕਰੇ ਅਤੇ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਇੱਕ ਅਜਿਹਾ ਸਮਾਜ ਬਣਾਉਣ ਲਈ ਅੱਗੇ ਆਉਣ ਜੋ ਹਰ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ ਭਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਗੁਰੂ ਸਾਹਿਬ ਦੇ ਸੰਦੇਸ਼ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਜੋੜਨ ਲਈ ਇੱਕ ਮਿਸ-ਕਾਲ ਮੁਹਿੰਮ 9090029090 ਵੀ ਸ਼ੁਰੂ ਕੀਤੀ।

ਸੈਮੀਨਾਰ ਦੌਰਾਨ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ Deepak Bali ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਦਰਸ਼ਨ ਨਾਲ ਜੋੜਨ ਦਾ ਮਹੱਤਵਪੂਰਨ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਸਮਾਵੇਸ਼ੀ ਅਤੇ ਸਮਾਨਤਾ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

Sant Kewal Singh ਨੇ ਵੀ ਸਮਾਗਮ ਦੌਰਾਨ ਨੌਜਵਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜੀਊਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ ਅਤੇ ਬਰਾਬਰ ਮੌਕੇ ਦੇ ਸਿਧਾਂਤ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੇ ਹਨ।

ਸੀ.ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ. ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਐਸ.ਡੀ.ਐਮ ਲੁਧਿਆਣਾ ਪੱਛਮੀ ਕੁਲਦੀਪ ਬਾਵਾ ਅਤੇ ਹੋਰ ਵੀ ਇਸ ਮੌਕੇ ਮੌਜੂਦ ਸਨ।

Leave a Reply

Your email address will not be published. Required fields are marked *