
ਚੰਡੀਗੜ੍ਹ, 20 ਮਾਰਚ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਲਵੰਡੀ ਸਾਬੋ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵੱਲੋਂ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਲੱਗੇ ਬਿਜਲੀ ਦੇ ਖੰਭੇ ਨਾਲ ਟੱਕਰ ਹੋ ਗਈ, ਜਿਸ ਨਾਲ ਗੱਡੀ ਅਤੇ ਖੰਭੇ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਬਾਅਦ ਦੋਸ਼ੀ ਰੇਸ਼ਮ ਸਿੰਘ (ਏ.ਐਲ.ਐਮ) ਅਤੇ ਲਖਵੀਰ ਸਿੰਘ (ਜੇ.ਈ.) ਮੌਕੇ ‘ਤੇ ਪਹੁੰਚੇ ਅਤੇ ਗੱਡੀ ਜ਼ਬਤ ਕਰਨ ਦੀ ਧਮਕੀ ਦਿੱਤੀ। ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਦੋਵਾਂ ਨੇ 25,000 ਰੁਪਏ ਦੀ ਰਿਸ਼ਵਤ ਮੰਗੀ, ਜੋ ਬਾਅਦ ਵਿੱਚ ਗੱਲਬਾਤ ਤੋਂ ਬਾਅਦ 15,000 ਰੁਪਏ ‘ਤੇ ਤੈਅ ਹੋ ਗਈ। ਸ਼ਿਕਾਇਤਕਰਤਾ ਨੇ ਇਸ ਸਾਰੀ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਸੀ।
ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਬਿਛਾ ਕੇ ਕਾਰਵਾਈ ਕੀਤੀ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਮਾਮਲੇ ਵਿੱਚ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਦੇ ਸਾਥੀ ਦੋਸ਼ੀ ਰੇਸ਼ਮ ਸਿੰਘ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
