Saturday, May 23Punjabi People

ਵਿਜੀਲੈਂਸ ਬਿਊਰੋ ਨੇ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਹਾਇਕ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਰਵਾਈ ਜੈਤੋ ਤਹਿਸੀਲ ਦੇ ਇਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਬੁਲਾਰੇ ਮੁਤਾਬਕ, ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਸੀ, ਜਿਸ ਦੀ ਜਾਂਚ ਉਕਤ ਏਐਸਆਈ ਕਰ ਰਿਹਾ ਸੀ। ਦੋਸ਼ ਹੈ ਕਿ ਉਸ ਨੇ ਕੇਸ ਵਿੱਚ ਮਦਦ ਕਰਨ ਅਤੇ ਪੁਲਿਸ ਰਿਮਾਂਡ ਤੋਂ ਬਚਾਉਣ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਮੰਗੀ। ਬਾਅਦ ਵਿੱਚ ਬੇਨਤੀ ਕਰਨ ‘ਤੇ ਇਹ ਰਕਮ 80,000 ਰੁਪਏ ‘ਤੇ ਤੈਅ ਹੋ ਗਈ ਅਤੇ ਪਹਿਲੀ ਕਿਸ਼ਤ ਵਜੋਂ 40,000 ਰੁਪਏ ਲੈ ਲਏ ਗਏ।

ਅੱਗੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਬਾਕੀ 40,000 ਰੁਪਏ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ, ਜਿਸ ਦੀ ਪੂਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ।

ਕਿਸੇ ਵੀ ਗੈਰਕਾਨੂੰਨੀ ਤਰੀਕੇ ਨੂੰ ਅਪਣਾਉਣ ਤੋਂ ਇਨਕਾਰ ਕਰਦੇ ਹੋਏ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਫਰੀਦਕੋਟ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਏਐਸਆਈ ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ।

ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿੱਚ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *