
ਚੰਡੀਗੜ੍ਹ 26 ਫਰਬਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਮਹਿਲਾਵਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਪ੍ਰਦਰਸ਼ਨ ਦੇ ਵਧ ਰਹੇ ਮਾਮਲਿਆਂ ’ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਮਾਣ-ਸਨਮਾਨ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਕਦੇ ਵੀ ਸਹਿਨ ਨਹੀਂ ਕਰੇਗੀ।
ਇਸ ਮਾਮਲੇ ਸਬੰਧੀ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ, ਜੋ ਬਹੁਤ ਹੀ ਚਿੰਤਾਜਨਕ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਅਧੀਨ ਔਰਤਾਂ ਦੇ ਕਿਸੇ ਵੀ ਅਪਮਾਨਜਨਕ ਜਾਂ ਅਸ਼ਲੀਲ ਚਿੱਤਰਣ ’ਤੇ ਸਖ਼ਤ ਪਾਬੰਦੀ ਹੈ।”
ਉਨ੍ਹਾਂ ਨੇ ਹੋਰ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਵੀ ਹੋਰ ਮੀਡੀਆ ਮਾਧਿਅਮ ਰਾਹੀਂ ਮਹਿਲਾਵਾਂ ਨੂੰ ਗਲਤ ਅਤੇ ਅਪਮਾਨਜਨਕ ਢੰਗ ਨਾਲ ਦਰਸਾਉਣਾ ਕਾਨੂੰਨੀ ਤੌਰ ’ਤੇ ਦੰਡਨਯੋਗ ਅਪਰਾਧ ਹੈ। ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
