
ਬਟਾਲਾ / ਚੰਡੀਗੜ੍ਹ, 12 ਅਪ੍ਰੈਲ 2026: ਪੁਲੀਸ ਦੇ ਟ੍ਰੈਫਿਕ ਇੰਚਾਰਜ (ਇੰਸਪੈਕਟਰ) ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿੱਚ ਉਹ ਕਿਸੇ ਵਿਅਕਤੀ ਤੋਂ ਕਥਿਤ ਤੌਰ ‘ਤੇ ਰਿਸ਼ਵਤ ਮੰਗਦਾ ਦਿਖਾਈ ਦੇ ਰਿਹਾ ਹੈ। ਵੀਡੀਓ ਸਾਹਮਣੇ ਆਉਣ ਦੇ ਤੁਰੰਤ ਬਾਅਦ ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ ਸੰਬੰਧਿਤ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਅਤੇ ਉਸਨੂੰ ਪੁਲੀਸ ਲਾਈਨ ਭੇਜ ਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ।
ਵਾਇਰਲ ਵੀਡੀਓ ਵਿੱਚ ਟ੍ਰੈਫਿਕ ਇੰਚਾਰਜ ਦੀ ਆਵਾਜ਼ ਸਾਫ਼ ਸੁਣਾਈ ਦਿੰਦੀ ਹੈ, ਜਿੱਥੇ ਉਹ ਕਹਿੰਦਾ ਹੈ ਕਿ ਪੰਜ ਹਜ਼ਾਰ ਰੁਪਏ ਮਹੀਨਾ ਦੇਣ ‘ਤੇ “ਜੋ ਮਰਜ਼ੀ ਕਰੋ।” ਇਸ ਗੱਲ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਨਾਲ ਖੇਡਣ ਵਾਲੇ ਗੰਭੀਰ ਮਾਮਲੇ ਨੂੰ ਉਜਾਗਰ ਕੀਤਾ ਹੈ।
ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਪੁਲੀਸ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਹੋਏ ਹਨ। ਡੀਐੱਸਪੀ ਤਜਿੰਦਰਪਾਲ ਸਿੰਘ ਗੋਰਾਇਆ ਨੇ ਦੱਸਿਆ ਕਿ ਇੰਸਪੈਕਟਰ ਸਤਿੰਦਰ ਕੁਮਾਰ ਖਿਲਾਫ਼ ਤੁਰੰਤ ਕਾਰਵਾਈ ਕਰਕੇ ਉਸਨੂੰ ਮੁਅੱਤਲ ਕੀਤਾ ਗਿਆ ਹੈ। ਇਸਦੇ ਨਾਲ ਹੀ ਐਸਪੀ (ਡੀ) ਸੰਦੀਪ ਕੁਮਾਰ ਵਡੇਰਾ ਵੱਲੋਂ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜੋ 15 ਦਿਨਾਂ ਵਿੱਚ ਪੂਰੀ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਹਾਲਾਂਕਿ ਐੱਸਐੱਸਪੀ ਵੱਲੋਂ ਗੈਂਗਸਟਰਾਂ ਅਤੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪੁਲੀਸ ਦੀਆਂ ਕਾਫ਼ੀ ਤਾਰੀਫ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਇਸ ਮਾਮਲੇ ਨੇ ਬਟਾਲਾ ਪੁਲੀਸ ਦੀ ਛਵੀ ਨੂੰ ਝਟਕਾ ਦਿੱਤਾ ਹੈ ਅਤੇ ਭ੍ਰਿਸ਼ਟਾਚਾਰ ਬਾਰੇ ਨਵੀਂ ਚਰਚਾ ਛੇੜ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮ ਤੋੜਣ ‘ਤੇ ਜੁਰਮਾਨਾ ਭਰਨਾ ਪੈਂਦਾ ਹੈ, ਉੱਥੇ ਕੁਝ ਅਧਿਕਾਰੀ ਖੁਦ ਰਿਸ਼ਵਤਖੋਰੀ ਵਿੱਚ ਲਿਪਤ ਹਨ।
ਫਿਰ ਵੀ, ਐੱਸਐੱਸਪੀ ਵੱਲੋਂ ਕੀਤੀ ਤੁਰੰਤ ਕਾਰਵਾਈ ਨਾਲ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
