
ਹੁਸ਼ਿਆਰਪੁਰ / ਚੰਡੀਗੜ੍ਹ, 16 ਅਪ੍ਰੈਲ 2026: ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਆਰੰਭ ਵੀਰਵਾਰ ਨੂੰ ਧੂਮਧਾਮ ਨਾਲ ਕੀਤਾ ਗਿਆ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਫ਼ਸਲ ਦੀ ਪਹਿਲੀ ਢੇਰੀ ਖਰੀਦੀ ਗਈ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦੀ ਗਈ ਫ਼ਸਲ ਦੀ ਰਕਮ ਸਮੇਂ ਸਿਰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਲਿਫਟਿੰਗ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ ਅਤੇ ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਿਸ਼ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਸਰਕਾਰ ਗੰਭੀਰ ਹੈ।
ਜ਼ਿਲ੍ਹੇ ਵਿੱਚ ਹੁਣ ਤੱਕ 5201 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ, ਜਿਸ ਵਿੱਚੋਂ ਕਰੀਬ 1610 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਇਸ ਸੀਜ਼ਨ ਦੌਰਾਨ ਕੁੱਲ 3.16 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ। ਖਰੀਦ ਕਾਰਜ ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਵੱਲੋਂ ਕੀਤਾ ਜਾ ਰਿਹਾ ਹੈ।
ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਖਰੀਦ ਤੋਂ 48 ਘੰਟਿਆਂ ਦੇ ਅੰਦਰ ਭੁਗਤਾਨ ਅਤੇ 72 ਘੰਟਿਆਂ ਵਿੱਚ ਫ਼ਸਲ ਦੀ ਲਿਫਟਿੰਗ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ. ਅਮਨਦੀਪ ਕੌਰ ਘੁੰਮਣ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
