
ਚੰਡੀਗੜ੍ਹ, 16 ਮਈ 2026: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਵੋਟਾਂ ਦੇ ਮੁੱਦੇ ‘ਤੇ ਸਖ਼ਤ ਰੁਖ਼ ਦਿਖਾਉਂਦੇ ਹੋਏ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਹਾਲਤ ਵਿੱਚ SIR ਦੇ ਨਾਂ ‘ਤੇ ਵੋਟਾਂ ਕੱਟਣ ਨਹੀਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਲੋਕਾਂ ਦੇ ਇਸ ਜਮਹੂਰੀ ਹੱਕ ਦੀ ਰੱਖਿਆ ਲਈ ਅਦਾਲਤ ਜਾਣ ਦੀ ਲੋੜ ਪਈ, ਤਾਂ ਉਹ ਕਾਨੂੰਨੀ ਲੜਾਈ ਲੜਨ ਤੋਂ ਵੀ ਪਿੱਛੇ ਨਹੀਂ ਹਟਣਗੇ।
ਇਸ ਮੌਕੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ Narendra Modi ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਰ ਪੱਖ ‘ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਦੀ ਜ਼ਿੰਦਗੀ ‘ਤੇ ਬੋਝ ਵਧਾਇਆ ਜਾ ਰਿਹਾ ਹੈ। ਮਾਨ ਨੇ ਤਨਜ਼ ਕਰਦਿਆਂ ਕਿਹਾ ਕਿ ਜਦੋਂ ਲੋਕਾਂ ਨੂੰ ਸੋਨਾ ਨਾ ਖਰੀਦਣ, ਵਿਦੇਸ਼ ਯਾਤਰਾ ਤੋਂ ਬਚਣ ਅਤੇ ਘਰੋਂ ਕੰਮ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ, ਤਾਂ ਕੀ ਪ੍ਰਧਾਨ ਮੰਤਰੀ ਖ਼ੁਦ ‘ਵਰਕ ਫ੍ਰੌਮ ਹੋਮ’ ਨਹੀਂ ਕਰ ਸਕਦੇ?
ਮੁੱਖ ਮੰਤਰੀ ਨੇ ਮਹਿੰਗਾਈ ਦੇ ਮੁੱਦੇ ‘ਤੇ ਵੀ ਕੇਂਦਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਵਾਧਾ ਕਰਕੇ ਲੋਕਾਂ ‘ਤੇ ਵਾਧੂ ਬੋਝ ਪਾਇਆ ਗਿਆ ਹੈ, ਜਦਕਿ ਦੂਜੇ ਪਾਸੇ ਲੋਕਾਂ ਨੂੰ ਸਿਰਫ਼ ਥਾਲੀਆਂ ਅਤੇ ਤਾਲੀਆਂ ਵਜਾਉਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਾਇਦ ਕੋਈ ਨਵਾਂ ਪ੍ਰਤੀਕਾਤਮਕ ਕਦਮ ਵੀ ਐਲਾਨ ਦਿੱਤਾ ਜਾਵੇ।
ਵਿਦੇਸ਼ੀ ਅਤੇ ਅੰਦਰੂਨੀ ਨੀਤੀਆਂ ‘ਤੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ “ਵਿਸ਼ਵ ਗੁਰੂ” ਬਣਾਉਣ ਦੀ ਗੱਲ ਕੀਤੀ ਜਾਂਦੀ ਸੀ, ਪਰ ਮੌਜੂਦਾ ਹਾਲਾਤਾਂ ਵਿੱਚ ਦੇਸ਼ ਦੀ ਦਿਸ਼ਾ ਵੱਖਰੀ ਨਜ਼ਰ ਆ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਅਜਿਹੀਆਂ ਪਾਬੰਦੀਆਂ ਹੋਰ ਦੇਸ਼ਾਂ ਵਿੱਚ ਕਿਉਂ ਨਹੀਂ ਦੇਖਣ ਨੂੰ ਮਿਲਦੀਆਂ ਅਤੇ ਸਾਡੇ ਦੇਸ਼ ਵਿੱਚ ਹੀ ਲੋਕਾਂ ‘ਤੇ ਇੰਨਾ ਬੋਝ ਕਿਉਂ ਪਾਇਆ ਜਾ ਰਿਹਾ ਹੈ।
ਵੋਟਾਂ ਦੇ ਮੁੱਦੇ ‘ਤੇ SIR ਦਾ ਜ਼ਿਕਰ ਹੋਣ ਤੋਂ ਬਾਅਦ ਇਹ ਪ੍ਰਕਿਰਿਆ ਮੁੜ ਚਰਚਾ ਵਿੱਚ ਆ ਗਈ ਹੈ। ਦਰਅਸਲ, ਚੋਣ ਕਮਿਸ਼ਨ ਵੱਲੋਂ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਅਪਡੇਟ ਕਰਨ ਲਈ Special Intensive Revision (SIR) ਮੁਹਿੰਮ ਚਲਾਈ ਜਾਂਦੀ ਹੈ, ਤਾਂ ਜੋ ਵੋਟਰ ਲਿਸਟ ਹੋਰ ਪਾਰਦਰਸ਼ੀ ਅਤੇ ਸਹੀ ਬਣ ਸਕੇ।
